ਚੰਡੀਗੜ੍ਹ:ਅਫਗਾਨਿਸਤਾਨ (Afghanistan) ਦੇ ਵਿੱਚ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਰਕੇ ਘੱਟ ਗਿਣਤੀਆਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਇੰਟਰਨੈਸ਼ਨਲ ਫੋਰਮ ਫਾਰ ਰਾਈਟਸ ਐਂਡ ਸਕਿਓਰਿਟੀ ਦੀ ਤਾਜ਼ਾ ਰਿਪੋਰਟ ਅਨੁਸਾਰ ਅਫਗਾਨਿਸਤਾਨ (Afghanistan) ਦੇ ਵਿੱਚ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਘੱਟ ਗਿਣਤੀਆਂ ਨੂੰ ਧਰਮ ਤਬਦੀਲ ਕਰਨ ਦੇ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਸ ਰਿਪੋਰਟ ਦੇ ਵਿੱਚ ਖਾਸ ਕਰਕੇ ਸਿੱਖ ਭਾਈਚਾਰੇ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਦੇ ਵਿੱਚ ਕਿਹਾ ਗਿਆ ਹੈ ਕਿ ਸਿੱਖਾਂ ਨੂੰ ਧਰਮ ਤਬਦੀਲ ਕਰਨ ਲਈ ਕਿਹਾ ਜਾ ਰਿਹਾ ਹੈ ਅਤੇ ਜੇਕਰ ਉਹ ਆਪਣਾ ਧਰਮ ਤਬਦੀਲ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਦੇਸ਼ ਛੱਡਣ ਦੇ ਲਈ ਕਿਹਾ ਜਾ ਰਿਹਾ ਹੈ।
ਇਸ ਮਸਲੇ ਨੂੰ ਲੈਕੇ ਤਾਲਿਬਾਨ ਸ਼ਾਸਿਤ ਅਫਗਾਨ ਸਰਕਾਰ (Taliban-ruled Afghan government) ਦੀ ਚਾਰੇ ਪਾਸੇ ਨਿਖੇਧੀ ਹੋ ਰਹੀ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿਖੇਧੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਧਾਰਮਿਕ ਘੱਟ ਗਿਣਤੀਆਂ ‘ ਹੋ ਰਹੇ ਜ਼ੁਲਮ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਿਆ ਕਰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉੱਥੋਂ ਦੀ ਪੀੜ੍ਹਤ ਲੋਕਾਂ ਨੂੰ ਬਾਹਰ ਕੱਢਿਆ ਜਾਵੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਵੀ ਯਕੀਨੀ ਬਣਾਇਆ ਜਾਵੇ।