ਪੰਜਾਬ

punjab

ETV Bharat / city

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਹਸਤਾਖ਼ਰ ਮੁਹਿੰਮ ਦਾ ਆਗਾਜ਼

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਜਿੱਥੇ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਪੰਜਾਬ ਦੀਆਂ ਸਿਆਮੀ ਪਾਰਟੀਆਂ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੁੱਧ ਹਸਤਾਖ਼ਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਪੜ੍ਹੋ ਪੂਰੀ ਖ਼ਬਰ...

ਤਸਵੀਰ
ਤਸਵੀਰ

By

Published : Oct 2, 2020, 8:17 PM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਾਂਗਰਸ ਦੀ ਸੂਬੇ ਵਿੱਚ ਹਸਤਾਖਰ ਮੁਹਿੰਮ ਦਾ ਰਸਮੀਂ ਆਗਾਜ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨਾਂ ਨਵੇਂ ਸੰਵਿਧਾਨਕ ਕਾਨੂੰਨਾਂ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਜਾਵੇਗੀ। ਇਹ ਰਾਜਸੀ ਲੜਾਈ ਭਾਜਪਾ ਜਾਂ ਕਾਂਗਰਸ ਬਾਰੇ ਨਹੀਂ ਸਗੋਂ ਇਹ ਸਾਡੀ ਕਿਸਾਨੀ, ਪੰਜਾਬ ਅਤੇ ਸਾਡੇ ਵਜੂਦ ਦੀ ਲੜਾਈ ਹੈ।’’

ਖੇਤੀ ਕਾਨੂੰਨਾਂ ਖਿਲਾਫ਼ ਹਸਤਾਖ਼ਰ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੂਬਾਈ ਵਿਸ਼ਾ ਹੈ ਤੇ ਭਾਰਤ ਸਰਕਾਰ ਨੇ ਇਨਾਂ ਕਾਨੂੰਨਾਂ ਰਾਹੀਂ ਸੰਘੀ ਢਾਂਚੇ ਉੱਤੇ ਹਮਲਾ ਕਰਦਿਆਂ ਸੂਬੇ ਦੇ ਹੱਕਾਂ ਉਪਰ ਡਾਕਾ ਮਾਰਿਆ ਹੈ ਜਦੋਂ ਕਿ ਇਹ ਕਾਨੂੰਨ ਖੇਤੀ ਖੇਤਰ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਆਪਣੀ ਸਰਕਾਰ ਵੱਲੋਂ ਇਨਾਂ ਖ਼ਤਰਨਾਕ ਕਾਨੂੰਨਾਂ ਖਿਲਾਫ਼ ਲੜਾਈ ਵਿੱਚ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 5 ਜੂਨ ਨੂੰ ਤਿੰਨ ਖੇਤੀ ਆਰਡੀਨੈਂਸਾਂ ਨੂੰ ਲਿਆਉਣ ਤੋਂ ਤੁਰੰਤ ਬਾਅਦ ਉਨਾਂ (ਮੁੱਖ ਮੰਤਰੀ) ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਆਪਣੀ ਸਰਕਾਰ ਦੇ ਸਖਤ ਇਤਰਾਜ਼ ਅਤੇ ਖਦਸ਼ੇ ਜ਼ਾਹਰ ਕੀਤੇ ਸਨ। ਫੇਰ ਵੀ ਕੇਂਦਰ ਨੇ ਸੂਬੇ ਦੀਆਂ ਚਿੰਤਾਵਾਂ ਨੂੰ ਦੂਰ ਨਹੀਂ ਕੀਤਾ ਸਗੋਂ ਬਹੁਮਤ ਦੀ ਧੌਂਸ ਰਾਹੀਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫ਼ੇ ਨੂੰ ਰਾਜਸੀ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਅਕਾਲੀ ਦਲ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਹ ਅਸਤੀਫ਼ਾ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਰਸਾਉਣ ਦੀ ਬਜਾਏ ਵੱਡੀ ਕੁਰਬਾਨੀ ਦੇ ਰਾਗ ਅਲਾਪ ਰਿਹਾ ਹੈ।


ਮੁੱਖ ਮੰਤਰੀ ਨੇ ਸੂਬੇ ਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿੱਚੋਂ ਦੋ ਵਾਰ ਅਸਤੀਫ਼ਾ ਦਿੱਤੇ ਜਾਣ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਚੁੱਕੇ ਸਨ ਨਾ ਕਿ ਕੋਈ ਕੁਰਬਾਨੀ ਦਾ ਪਖੰਡ ਰਚਣ ਲਈ ਜਿਵੇਂ ਕਿ ਹਰਸਿਮਰਤ ਕੌਰ ਕਰ ਰਹੀ ਹੈ। ਖੇਤੀਬਾੜੀ ਕਾਨੂੰਨਾਂ ਬਾਰੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਨੂੰ ਪੂਰਨ ਤੌਰ ’ਤੇ ਠੁੱਸ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਿਰਫ਼ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਪੁੱਛਿਆ, ‘‘ਅਕਾਲੀ ਦਲ ਉਦੋਂ ਕਿੱਥੇ ਸੀ ਜਦੋਂ 28 ਅਗਸਤ ਨੂੰ ਕੇਂਦਰ ਸਰਕਾਰ ਪਾਸੋਂ ਇਹ ਕਿਸਾਨ ਵਿਰੋਧੀ ਆਰਡੀਨੈਂਸ ਵਾਪਿਸ ਕਰਨ ਅਤੇ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਦੀ ਮੰਗ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਸੀ।’’

ਮੁੱਖ ਮੰਤਰੀ ਨੇ ਕਿਹਾ, ‘‘ਤੁਹਾਡੀਆਂ ਇਹ ਨੌਟੰਕੀਆਂ ਹੁਣ ਅਕਾਲੀ ਦਲ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਲਈ ਸਹਾਈ ਨਹੀਂ ਹੋਣਗੀਆਂ ਕਿਉ ਜੋ ਕਿਸਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਕੀਤੇ ਗਏ ਯਤਨਾਂ ਵਿੱਚ ਤੁਸੀਂ ਵੀ ਆਪਣੇ ਸਾਬਕਾ ਭਾਈਵਾਲ ਭਾਜਪਾ ਦੇ ਤੌਰ ਉਤੇ ਜ਼ਿੰਮੇਵਾਰ ਹੋ।’’ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਖੇਤੀ ਕਾਨੂੰਨਾਂ ਖਿਲਾਫ਼ ਹਸਤਾਖ਼ਰ ਮੁਹਿੰਮ ਸ਼ੁਰੂ ਕਰਨ ਮੌਕੇ ਹਾਜ਼ਰ ਸਨ।

ABOUT THE AUTHOR

...view details