ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਦਿਨ ਵੀ ਨਹੀਂ ਲੰਘਦਾ ਜਦੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਦੀ ਖ਼ਬਰ ਅਖ਼ਬਾਰਾਂ ਵਿੱਚ ਨਾ ਛਪਦੀਆਂ ਹੋਣ।
ਬੇਰੁਜ਼ਗਾਰ ਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਲਈ ਕੈਪਟਨ ਸਰਕਾਰ ਜ਼ਿੰਮੇਵਾਰ- 'ਆਪ' - aam adami party
ਆਪ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਦੇ ਭਵਿੱਖ ਅਤੇ ਅੰਨਦਾਤਾ ਨਾਲ ਕੀਤੇ ਲਿਖਤ ਵਾਅਦੇ ਕੈਪਟਨ ਨੇ ਪੂਰੇ ਨਹੀਂ ਕੀਤੇ ਤਾਂ 'ਆਪ' ਸੰਘਰਸ਼ ਦਾ ਰਾਹ ਚੁਣੇਗੀ।
ਆਪ ਨੇ ਕਿਹਾ ਕਿ ਇਨ੍ਹਾਂ ਆਤਮ ਹੱਤਿਆਵਾਂ ਲਈ ਸਿੱਧੇ ਤੌਰ 'ਤੇ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਦਲ ਦੀ ਸਰਕਾਰ ਅਤੇ ਸੱਤਾਧਾਰੀ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਬੇਰੁਜ਼ਗਾਰ ਨੌਜਵਾਨ ਅਤੇ ਕਰਜ਼ਾਈ ਹੋਏ ਕਿਸਾਨ ਐਨੇ ਦੁਖੀ ਹਨ ਕਿ ਉਹ ਮਜਬੂਰੀ ਵੱਸ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ। ਇਸ ਕਾਰਨ ਦੇਸ਼ ਦਾ ਭਵਿੱਖ ਅਤੇ ਅੰਨਦਾਤਾ ਕਹੇ ਜਾਣ ਵਾਲੇ ਨੌਜਵਾਨ ਅਤੇ ਕਿਸਾਨ ਦੀ ਹਾਲਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕੈਪਟਨ ਸਰਕਾਰ ਕੁੰਭਕਰਨੀ ਨੀਂਦ 'ਚ ਆਪਣੇ ਮਹਿਲਾਂ ਵਿੱਚ ਆਰਾਮ ਫ਼ਰਮਾ ਰਹੀ ਹੈ, ਜੋ ਕਿ ਬਹੁਤ ਹੀ ਦੁਖਦ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਰਜ਼ੇ ਦੀ ਭਾਰੀ ਪੰਡ ਦੇ ਕਾਰਨ ਖੁਦਕੁਸ਼ੀਆਂ ਦਾ ਦੌਰ ਹਰ ਦਿਨ ਵੱਧ ਰਿਹਾ ਹੈ ਪਰ ਸਮੇਂ ਦੀਆਂ ਸਰਕਾਰਾਂ ਇਨ੍ਹਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਲਿਖਤ ਵਾਅਦੇ ਸਮੇਂ ਰਹਿੰਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਮੂਹ ਜਨਤਾ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰੇਗੀ।