ਚੰਡੀਗੜ੍ਹ: ਅਕਾਲੀ ਦਲ ਵੱਲੋਂ ਕੈਪਟਨ ਸਰਕਾਰ 'ਤੇ ਮੁੱਖ ਮੰਤਰੀ ਰਾਹਤ ਫੰਡ ਨੂੰ ਲੈ ਕੇ ਲਗਾਤਾਰ ਚੁੱਕੇ ਜਾ ਰਹੇ ਹਨ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 64 ਕਰੋੜ ਦੀ ਰਾਸ਼ੀ ਬਾਰੇ ਸਵਾਲ ਚੁੱਕੇ ਜਾ ਰਹੇ ਹਨ ਜੋ ਕਿ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਪ੍ਰਬੰਧਾਂ 'ਤੇ ਖਰਚੀ ਜਾ ਚੁੱਕੀ 300 ਕਰੋੜ ਤੋਂ ਵੱਧ ਰਕਮ ਦੇ ਮੁਕਾਬਲੇ ਤੁੱਛ ਮਾਤਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੰਗਾਮੀ ਉਦੇਸ਼ਾਂ ਲਈ ਇਹ ਫੰਡ ਰੱਖੇ ਹਨ ਜਿਨ੍ਹਾਂ ਨੂੰ ਲੋੜ ਪੈਣ 'ਤੇ ਵਰਤਿਆ ਜਾਵੇਗਾ।
ਕੋਵਿਡ ਸਬੰਧੀ ਕਾਰਜਾਂ ਲਈ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਸਿਰਫ 2.28 ਕਰੋੜ ਰੁਪਏ ਖਰਚਣ ਦੀ ਕੀਤੀ ਜਾ ਰਹੀ ਆਲੋਚਨਾ ਲਈ ਅਕਾਲੀਆਂ 'ਤੇ ਤੰਜ ਕਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਸਬੰਧਤ ਖਰਚਿਆਂ ਨੂੰ ਵਿੱਤ ਦੇਣ ਦਾ ਸਰੋਤ ਪੂਰੀ ਤਰ੍ਹਾਂ ਬੇਤੁਕਾ ਹੈ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਹਨ, ਪਾਸੋਂ ਕੋਈ ਆਰਥਿਕ ਸਹਾਇਤਾ ਨਾ ਮਿਲਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕੋਵਿਡ ਸਬੰਧੀ ਪ੍ਰਬੰਧ ਕਰਨ ਦੇ ਰਾਹ ਵਿੱਚ ਵਿੱਤੀ ਰੁਕਾਵਟਾ ਪੈਦਾ ਨਹੀਂ ਹੋਣ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਕਾਲੀਆਂ ਨੂੰ ਸੱਚਮੁੱਚ ਹੀ ਸੂਬੇ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਪ੍ਰਬੰਧਾਂ ਦਾ ਫਿਕਰ ਹੈ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਪਾਸੋਂ ਸਵਾਲ ਪੁੱਛਣਾ ਚਾਹੀਦਾ ਹੈ ਕਿ ਇਸ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਸਹਾਇਤਾ ਕਿਉਂ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸਬੰਧਤ ਨਾਗਰਿਕਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾ ਰਿਹਾ ਯੋਗਦਾਨ ਇੱਕ ਐਮਰਜੈਂਸੀ ਫੰਡ ਹੈ ਜਿਸ ਨੂੰ ਸੂਬਾ ਸਰਕਾਰ ਨੇ ਬਹੁਤ ਜ਼ਰੂਰੀ ਹਾਲਾਤ ਮੌਕੇ ਲੋੜਾਂ ਦੀ ਪੂਰਤੀ ਲਈ ਖਰਚਣ ਲਈ ਰੱਖਿਆ ਹੈ।