ਚੰਡੀਗੜ੍ਹ: ਚੋਣਾਂ ਨੂੰ ਲੈਕੇ ਸਿਆਸਤ ਪੁਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਭਾਰਤੀ ਚੋਣ ਕਮਿਸ਼ਨ ਤੋਂ ਅੱਗੇ ਵਧਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਜਿਥੇ ਕਾਂਗਰਸ, ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਤਾਂ ਉਥੇ ਹੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਵਲੋਂ ਵੀ ਚੋਣਾਂ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ। ਪਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਡੀ ਗਿਣਤੀ 'ਚ ਲੋਕ ਪੰਜਾਬ ਤੋਂ ਬਨਾਰਸ ਜਾਂਦੇ ਹਨ।
ਇਸ ਸਬੰਧੀ ਪਾਰਟੀ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਇਕ ਚਿੱਠੀ ਚ ਕਿਹਾ ਹੈ ਕਿ ਚੋਣਾਂ ਦੀ ਤਰੀਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਤੈਅ ਕੀਤੀ ਗਈ ਹੈ ਅਤੇ ਸਾਲਾਨਾ ਧਾਰਮਿਕ ਯਾਤਰਾ ਦੇ ਚਲਦਿਆਂ ਕਈ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਪੀਐਲਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਪੰਜਾਬ ਚ ਵੋਟਿੰਗ ਦੀ ਤਰੀਕ ਚ ਬਦਲਾਅ ਕਰਨਾ ਮੁਸ਼ਕਿਲ ਨਹੀਂ ਹੋਵੇਗਾ, ਕਿਉਂਕਿ ਬਾਕੀ ਸਭ ਕੁਝ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਚ ਚੋਣ ਕਮਿਸ਼ਨ ਨੂੰ ਕੋਈ ਪਰੇਸ਼ਾਨੀ ਵੀ ਨਹੀਂ ਹੋਵੇਗੀ।
ਉਧਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੂੰ ਅੱਗੇ ਪਾਉਣ ਦੀ ਮੰਗ ਕੀਤੀ ਹੈ।