ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਘਰ ਹੋਏ ਹਮਲੇ ਅਤੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਲੁਟੇਰਿਆਂ-ਅਪਰਾਧੀਆਂ ਦੇ ਅੰਤਰਰਾਜੀ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ 11 ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਅਜੇ ਗ੍ਰਿਫ਼ਤਾਰ ਕਰਨਾ ਬਾਕੀ ਹੈ। ਦੂਜੇ ਪਾਸੇ ਕ੍ਰਿਕਟਰ ਸੁਰੇਸ਼ ਰੈਨਾ ਅੱਜ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਥਰਿਆਲ ਵਿਖੇ ਆਪਣੀ ਭੂਆ ਘਰ ਪਹੁੰਚੇ। ਦੱਸਣਯੋਗ ਹੈ ਕਿ ਬੀਤੇ ਦਿਨ ਪਹਿਲਾਂ ਹੀ ਉਨ੍ਹਾਂ ਦੇ ਅੰਕਲ ਤੇ ਕਜ਼ਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਸੁਰੇਸ਼ ਰੈਨਾ ਅਫਸੋਸ ਕਰਨ ਲਈ ਭੂਆ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਮਾਂ, ਭਰਾ ਦਿਨੇਸ਼ ਰੈਨਾ, ਸੂਰਜਪੁਰ ਨਿਵਾਸੀ ਮਾਮਾ-ਮਾਸੀ ਤੇ ਭਾਭੀ ਵੀ ਰੈਨਾ ਨਾਲ ਉਥੇ ਪਹੁੰਚੇ।