ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਯਾਤਰੀਆਂ ਨੂੰ ਰੱਖ ਰਖਾਵ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਵਰਤਾਰੇ ਲਈ ਸਿੱਖ ਸੰਗਤ ਤੋਂ ਮੁਆਫੀ ਦੀ ਮੰਗ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਇਸ ਸੰਕਟ ਦੀ ਇਸ ਘੜੀ ਵਿਚ ਲੋੜੀਂਦੀ ਅਗਵਾਈ ਦੇਣ ਵਿਚ ਨਾਕਾਮ ਸਾਬਿਤ ਹੋਇਆ ਹੈ ਅਤੇ ਉਸ ਨੇ ਵਾਪਸੀ ਦੇ ਇਸ ਸਮੁੱਚੇ ਆਪਰੇਸ਼ਨ ਨੂੰ ਇੱਕ ਮੁਸੀਬਤ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਬੇਕਦਰੀ ਕੀਤੀ ਹੈ, ਉਸ ਤੋਂ ਪਤਾ ਚੱਲਦਾ ਹੈ ਕਿ ਜਦੋਂ ਤੋਂ ਸੂਬੇ ਅੰਦਰ ਕਰਫਿਊ ਲੱਗਿਆ ਹੈ, ਇਸ ਨੇ ਸਮਾਜ ਦੇ ਹਰ ਵਰਗ ਨਾਲ ਇਸੇ ਤਰ੍ਹਾਂ ਬਦਸਲੂਕੀ ਕੀਤੀ ਹੈ।
ਬਾਦਲ ਨੇ ਕਿਹਾ ਕਿ ਭਾਵੇਂਕਿ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ ਹੈ, ਉਨ੍ਹਾਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਨਾ ਚੁੱਕ ਕੇ ਵਿਖਾਈ ਅਪਰਾਧਿਕ ਲਾਪਰਵਾਹੀ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਲਿਆਉਣ ਸਮੇਂ ਯਾਤਰਾ ਦੌਰਾਨ ਸਿਹਤ ਸੁਰੱਖਿਆ ਸੰਬੰਧੀ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।