ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ. ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ 'ਚ ਸ਼ਾਮਲ ਹੋਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।
'ਸਹੀ ਦਿਸ਼ਾ ਵੱਲ ਕਦਮ ਪੁੱਟਿਆ': ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਆਗੂਆਂ ਨੇ ਸਹੀ ਦਿਸ਼ਾ ਵੱਲ ਕਦਮ ਪੁੱਟਿਆ ਹੈ। ਕੈਪਟਨ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-'ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਡਾ. ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਸਹੀ ਦਿਸ਼ਾ ਵੱਲ ਕਦਮ ਪੁੱਟਣ ਅਤੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ।
ਸਾਬਕਾ ਕਾਂਗਰਸੀ ਅਤੇ ਅਕਾਲੀ ਭਾਜਪਾ 'ਚ ਸ਼ਾਮਲ:ਦੱਸ ਦਈਏ ਕਿ ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕਾਂ ਨੇ ਭਾਜਪਾ ਵਿੱਚ ਇਕੱਠਿਆਂ ਸ਼ਮੂਲੀਅਤ ਕਰਕੇ ਸੂਬੇ ਵਿੱਚ ਇੱਕ ਦਿਨ ’ਚ ਹੋਣ ਵਾਲੀ ਸਭ ਤੋਂ ਵੱਡੀ ਦਲਬਦਲੀ ਕੀਤੀ ਹੈ।
ਆਪ ਆਗੂ ਨੇ ਲਗਾਏ ਇਲਜ਼ਾਮ: ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕਈ ਕਾਂਗਰਸ ਆਗੂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵੀ ਘਿਰੇ ਰਹੇ ਹਨ। ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ ਅਤੇ ਵਿਧਾਇਕ ਕੇਵਲ ਸਿੰਘ ਢਿੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਰਹੇ ਹਨ।
ਕੈਪਟਨ 'ਤੇ ਵੀ ਆਪ ਦਾ ਨਿਸ਼ਾਨਾ: ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜ ਦੌਰਾਨ ਕਈ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਵਾਲੇ ਕਰਨ ਦਾ ਦਾਅਵਾ ਕਰ ਰਹੇ ਸਨ, ਪਰ ਉਹ ਫਾਈਲਾਂ ਰਾਹ ਵਿੱਚ ਹੀ ਰੁਕ ਗਈਆਂ ਹਨ।
'ਪੰਜਾਬ ਸਰਕਾਰ ਦੀ ਥਾਂ ਭਾਜਪਾ ਨੂੰ ਦਿੱਤੀਆਂ ਫਾਈਲਾਂ': ਆਪ ਬੁਲਾਰੇ ਕੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੇ ਕੈਪਟਨ ਅਮਰਿੰਦਰ ਸਿੰਘ ਵੀ ਹੋ ਸਕਦੇ ਹਨ। ਜਿਨ੍ਹਾਂ ਸ਼ਾਇਦ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਪੰਜਾਬ ਸਰਕਾਰ ਨੂੰ ਦੇਣ ਦੀ ਥਾਂ ਭਾਜਪਾ ਨੂੰ ਦੇ ਦਿੱਤੀਆਂ ਹੋਣਗੀਆਂ। ‘ਆਪ’ ਦੇ ਬੁਲਾਰੇ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਆਪਣੀ ਵਿਚਾਰਧਾਰਾ ਦੇ ਪ੍ਰਚਾਰ ਦਾ ਦਾਅਵਾ ਕਰਦੀ ਹੈ ਪਰ ਭਾਜਪਾ ਨੂੰ ਪੰਜਾਬ ਵਿੱਚ ਕਾਂਗਰਸੀਆਂ ਤੋਂ ਇਲਾਵਾ ਹੋਰ ਕੋਈ ਆਗੂ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ:ਮੂਸੇਵਾਲਾ ਕਤਲ ਮਾਮਲਾ:ਸਿਰਸਾ ਦੇ ਨੌਜਵਾਨ ਨੇ ਕੀਤੀ ਰੇਕੀ, ਪੁਲਿਸ ਵਲੋਂ ਛਾਪੇਮਾਰੀ