ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫੇਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਹਮਦਰਦੀ ਰੱਖਦੀ ਹੈ ਉਸ ਦਾ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਇੱਕ ਇੰਟਰਵਿਊ ਦੌਰਾਨ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਦੇ ਹੋਏ ਦਿਸ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ਵੀਡੀਓ ਨਾਲ ਛੇੜਛਾੜ ਕੀਤੇ ਹੋਣ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਮੁੱਦੇ ਤੇ ਆਮ ਆਦਮੀ ਪਾਰਟੀ ਵੱਲੋਂ ਸਮੇਂ-ਸਮੇਂ ਉੱਤੇ ਪਲਟੀ ਮਾਰੀ ਜਾਂਦੀ ਹੈ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹੋ ਜਿਹੀ ਪਾਰਟੀ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਜਿਸ ਦਾ ਮੁਖੀ ਆਨ ਰਿਕਾਰਡ ਖੇਤੀ ਕਾਨੂੰਨਾਂ ਨੂੰ 70 ਸਾਲਾਂ ਵਿਚ ਖੇਤੀਬਾੜੀ ਖੇਤਰ ਸਭ ਤੋਂ ਕ੍ਰਾਂਤੀਕਾਰ ਕਦਮ ਦੱਸ ਚੁੱਕਾ ਹੋਵੇ।
ਕੇਜਰੀਵਾਲ ਦੀ ਵੀਡੀਓ ਨੇ ਆਪ ਦਾ ਝੂਠ ਬੇਪਰਦ ਕੀਤਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿਚੋਂ ਵਾਕ ਆਊਟ ਕਰ ਜਾਣ ਨਾਲ ਨਾ ਸਿਰਫ਼ ਇਸ ਪਾਰਟੀ ਦਾ ਅਸਲ ਕਿਰਦਾਰ ਸਾਹਮਣੇ ਆਇਆ, ਸਗੋਂ ਅਰਵਿੰਦ ਕੇਜਰੀਵਾਲ ਦੀ ਵੀਡੀਓ ਨੇ ਆਪ ਆਗੂਆਂ ਦੇ ਝੂਠ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਇਸ ਵੀਡੀਓ ਵਿਚ ਇਕ ਮੀਡੀਆ ਇੰਟਰਵਿਊ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਦੇ ਹੋਏ ਦਿਸ ਰਹੇ ਹਨ। ਇਸ ਵੀਡੀਓ ਨਾਲ ਛੇੜਛਾੜ ਹੋਣ ਦੇ ਕੀਤੇ ਜਾ ਰਹੇ ਆਪ ਦੇ ਦਾਅਵੇ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਵਲੋਂ ਸਮੇਂ-ਸਮੇਂ ਉੱਤੇ ਪਲਟੀ ਮਾਰਨ ਦੇ ਟਰੈਕ ਰਿਕਾਰਡ ਨਾਲ ਇਸ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ। ਉਨ੍ਹਾਂ ਕਿਹਾ ਕਿ ''ਬੀਤੇ ਦਿਨ ਵਾਕ-ਆਊਟ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਸਬੰਧੀ ਨਿਰੰਤਰ ਨੌਟੰਕੀਬਾਜ਼ੀਆਂ ਕਰਨ ਤੋਂ ਬਾਅਦ ਉਹਨਾ ਉਪਰ ਕੋਈ ਕਿਵੇਂ ਵਿਸ਼ਵਾਸ਼ ਕਰ ਸਕਦਾ ਹੈ।'' ਉਨ੍ਹਾਂ ਕਿਹਾ ਕਿ ਇਸ ਮੁੱਦੇ ਉੱਤੇ ਇਹ ਪਹਿਲੀ ਵਾਰ ਨਹੀਂ ਹੈ ਕਿ ਆਪ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ।
26 ਜਨਵਰੀ ਨੂੰ ਹਿੰਸਾ ਦੌਰਾਨ ਲਾਲਾ ਕਿਲ੍ਹੇ ਵਿਖੇ ਆਪ ਦੇ ਪੰਜਾਬ ਦੇ ਮੈਂਬਰ ਅਮਰੀਕ ਮਿੱਕੀ ਦੀ ਮੌਜੂਦਗੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਰੱਤੀ ਭਰ ਵੀ ਸ਼ੱਕ ਨਹੀਂ ਕਿ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਅਸਥਿਰ ਅਤੇ ਸਾਬੋਤਾਜ ਕਰਨ ਦੀ ਸ਼ਾਜਿਸ਼ ਵਿਚ ਇਸ ਪਾਰਟੀ ਦੀ ਭਾਰਤੀ ਜਨਤਾ ਪਾਰਟੀ ਨਾਲ ਗੰਢਤੁੱਪ ਸੀ।