ਚੰਡੀਗੜ੍ਹ: ਕੌਮੀ ਭਾਰਤੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸ ਰਾਹੀ ਮੀਟਿੰਗ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਦਾ ਮਾਲੀ ਘਾਟਾ ਪੈ ਗਿਆ ਹੈ। ਕੈਪਟਨ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।