ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਥ ਪ੍ਰਸਿੱਧ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਪ੍ਰਗਟਾਇਆ ਹੈ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ ਹੈ। ਮੇਰੇ ਦਿਲ ਦੀਆਂ ਗਹਿਰਾਈਆਂ ਤੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਭਾਈ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਦਾ ਤੁਰ ਜਾਣਾ ਸਿੱਖ ਪੰਥ ਲਈ ਬਹੁਤ ਵੱਡਾ ਘਾਟਾ ਹੈ। "ਦੁੱਖੀ ਪਰਵਿਾਰ ਨਾਲ ਮੇਰੀ ਦਿਲੀ ਹਮਦਰਦੀ ਹੈ।" ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਆਤਮਾ ਨੂੰ ਸ਼ਾਂਤੀ ਮਿਲੇ।
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ "ਮੇਰੇ ਦਿਲ ਨੂੰ ਭਾਈ ਖ਼ਾਲਸਾ ਦੀ ਕੋਰੋਨਾ ਵਾਇਰਸ ਕਰਕੇ ਹੋਈ ਮੌਤ ਦਾ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ "ਅਸੀਂ ਗੁਰਮਤਿ ਸੰਗੀਤ ਦਾ ਮਹਾਨ ਪ੍ਰਚਾਰਕ ਗੁਆ ਦਿੱਤਾ ਹੈ।"