ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਵਿੱਚ ਲੌਕਡਾਊਨ ਹੈ। ਜਿਸ ਕਾਰਨ ਫੈਕਟਰੀਆਂ, ਵਪਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਿੱਜੀ ਕੰਪਨੀਆਂ ਦੇ ਅਧਿਕਾਰੀਆਂ ਅਤੇ ਮਾਲਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਨਾ ਕੱਟੀ ਜਾਵੇ ਕਰਮਚਾਰੀਆਂ ਦੀ ਤਨਖ਼ਾਹ, ਨਿੱਜੀ ਕੰਪਨੀਆਂ ਨੂੰ ਕੈਪਟਨ ਦਾ ਆਦੇਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਕੰਪਨੀਆਂ ਦੇ ਅਧਿਕਾਰੀਆਂ ਅਤੇ ਮਾਲਕਾਂ ਨੂੰ ਕਰਮਚਾਰੀਆਂ ਦੀ ਤਨਖਾਹ ਨਾ ਕੱਟਣ ਦੇ ਆਦੇਸ਼ ਦਿੱਤੇ ਹਨ।
ਸਰਕਾਰ ਨੇ ਨਿੱਜੀ ਕੰਪਨੀਆਂ ਦੇ ਮਾਲਕਾਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸੇ ਵੀ ਕਰਮਚਾਰੀ ਦੀ ਤਨਖਾਹ ਨਾ ਕੱਟੀ ਜਾਵੇ ਅਤੇ ਨਾ ਹੀ ਕਿਸੇ ਕਰਮਚਾਰੀ ਨੂੰ ਨੌਕਰੀ ਤੋਂ ਕੱਢਿਆ ਜਾਵੇ। ਦੱਸਦਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ਭਰ ਵਿੱਚ ਲੌਕਡਾਊਨ ਕੀਤਾ ਗਿਆ ਹੈ। ਇਸ ਲੌਕਡਾਊਨ ਕਾਰਨ ਅਰਥਚਾਰਾ ਪੂਰੀ ਤਰ੍ਹਾਂ ਵਿਗੜ ਗਿਆ ਹੈ। ਇਸ ਲੌਕਡਾਊਨ ਦਾ ਖ਼ਤਰਾ ਨੌਕਰੀਪੇਸ਼ਾ ਲੋਕਾਂ 'ਤੇ ਮੰਡਰਾ ਰਿਹਾ ਹੈ। ਸਰਕਾਰ ਨੇ ਲੋਕਾਂ ਨੂੰ ਆਪਣੇ ਘਰ ਵਿੱਚ ਹੀ ਰਹਿਣ ਦੇ ਆਦੇਸ਼ ਦਿੱਤੇ ਹਨ।
ਕੋਰੋਨਾ ਵਾਇਰਸ ਕਾਰਨ ਸਿਹਤ ਮੰਤਰਾਲੇ ਵੱਲੋਂ ਭਾਰਤ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ 1030 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 28 ਮੌਤਾਂ ਵੀ ਸ਼ਾਮਲ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 106 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 6 ਮੌਤਾਂ ਦੀ ਪੁਸ਼ਟੀ ਹੋਈ ਹੈ।