ਦਿੱਲੀ: ਦੇਸ਼ ਵਿੱਚ ਮਹਿੰਗਾਈ ਨੂੰ ਠੱਲ ਪਾਉਣ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ (Excise Duty) ਕੀਤੀ ਗਈ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੇ ਜਾਣ ਕਾਰਨ ਪੈਟਰੋਲ 9 ਰੁਪਏ 50 ਪੈਸੇ ਪੂਰੇ ਦੇਸ਼ ਵਿੱਚ ਸਸਤਾ ਹੋ ਗਿਆ ਹੈ ਅਤੇ ਨਾਲ ਹੀ ਡੀਜ਼ਲ 7 ਰੁਪਏ ਸਸਤਾ ਹੋ ਗਿਆ ਹੈ। ਇਸਦੇ ਨਾਲ ਹੀ ਗੈਸ ਸਿਲੰਡਰ ’ਤੇ ਵੀ ਐਕਸਾਈਜ਼ ਡਿਊਟੀ ਘਟਾਈ ਗਈ ਹੈ ਜਿਸ ਕਾਰਨ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਰਸੋਈ ਗੈਸ ਹੋਈ ਸਸਤੀ:ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੀ ਹੈ ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ।