ਚੰਡੀਗੜ/ਐਸ.ਏ.ਐਸ.ਨਗਰ:ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗ੍ਰਿਫ਼ਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।
ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਮੁਲਜ਼ਮ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।