ਚੰਡੀਗੜ੍ਹ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਿੱਚ ਵਜ਼ਾਰਤ ਨੇ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਨੂੰ ਸਿਰਫ ਇੱਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇੱਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।
ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ (Dera Sachkhand forces) ਨੂੰ ਯੋਜਨਾਬੰਦੀ ਵਿਭਾਗ ਦੇ 25 ਅਗਸਤ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲ੍ਹੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।