ਚੰਡੀਗੜ੍ਹ:ਸਾਲ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ ਦੇ ਆਧਾਰ ਉੱਤੇ ਖੋਖਲੇ ਦਾਅਵੇ ਕਰ ਰਹੇ ਹਨ।
ਬਿਜਲੀ ਮਸਲੇ ਨੂੰ ਲੈਕੇ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ
ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਸੂਬੇ ਨੂੰ 24 ਘੰਟੇ ਬਿਜਲੀ ਸਪਲਾਈ ਦੇਵੇਗੀ। ਚੰਨੀ ਨੇ ਕਿਹਾ ਕਿ ਸ਼ਾਇਦ ਕੇਜਰੀਵਾਲ ਇਹ ਨਹੀਂ ਜਾਣਦੇ ਕਿ ਪੰਜਾਬ ਸਰਕਾਰ (Government of Punjab) ਅਣਕਿਆਸੇ ਹਾਲਾਤ ਅਤੇ ਮੁਰੰਮਤ ਦੇ ਸਮੇਂ ਨੂੰ ਛੱਡ ਕੇ ਲੋਕਾਂ ਨੂੰ ਪਹਿਲਾਂ ਹੀ 24 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ।
'ਸੂਬਾ ਸਰਕਾਰ ਨੇ ਇੰਸਪੈਕਟਰੀ ਰਾਜ ਖਤਮ ਕੀਤਾ'
ਇੰਸਪੈਕਟਰੀ ਰਾਜ ਦਾ ਖਾਤਮਾ ਕਰਨ ਲਈ ਕੇਜਰੀਵਾਲ ਦੇ ਦਾਅਵੇ ਦਾ ਮੋੜਵਾਂ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ (Government of the State) ਭਰ ਵਿਚ ਇੰਸਪੈਕਟਰੀ ਰਾਜ ਨੂੰ ਪਹਿਲਾਂ ਦੀ ਖਤਮ ਕਰ ਚੁੱਕੀ ਹੈ। ਕੇਂਦਰੀ ਨਿਰੀਖਣ ਪ੍ਰਣਾਲੀ ਰਾਹੀਂ ਸਾਢੇ ਚਾਰ ਸਾਲਾਂ ਵਿਚ ਸਾਂਝੇ ਤੌਰ ਉਤੇ 17,589 ਵਾਰ ਨਿਰੀਖਣ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਉਦਯੋਗ ਨੂੰ ਅਗਾਊਂ ਨੋਟਿਸ ਦੇ ਕੇ ਨਿਰੀਖਣ ਸਥਾਪਨਾਵਾਂ ਅਤੇ ਅਫਸਰਾਂ ਦੀ ਕੰਪਿਊਟ੍ਰੀਕਰਨ ਨਾਲ ਚੋਣ ਕਰਨ, ਕਿਰਤ, ਬਾਇਲਰਜ਼, ਲੀਗਰ, ਮੌਸਮ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸਾਂਝਾ ਨਿਰੀਖਣ, ਨਿਰੀਖਣ ਦੀ ਰਿਪੋਰਟ 48 ਘੰਟਿਆਂ ਦੇ ਅੰਦਰ ਅਪਲੋਡ ਕਰਨ ਅਤੇ ਉਦਯੋਗਿਕ ਯੂਨਿਟਾਂ ਦੀ ਰਿਸਕ ਅਧਾਰਿਤ ਪੜਤਾਲ ਕਰਨ ਸਮੇਤ ਕਈ ਕਦਮ ਚੁੱਕੇ ਗਏ ਤਾਂ ਕਿ ਉਦਯੋਗ ਨੂੰ ਸਹੂਲਤਾਂ ਦਿੱਤੀਆਂ ਜਾ ਸਕਣ।
ਉਦਯੋਗਪਤੀਆਂ ਦੇ ਮਸਲਿਆਂ ਨੂੰ ਲੈਕੇ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ
ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨੂੰ ਝਾਂਸੇ ਵਿਚ ਲੈਣ ਲਈ 3-6 ਮਹੀਨਿਆਂ ਵਿਚ ਵੈਟ ਰਿਫੰਡ ਕਰਨ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿਚ ਉਦਯੋਗਪਤੀਆਂ ਨੂੰ 1700 ਕਰੋੜ ਰੁਪਏ ਦਾ ਵੈਟ ਰਿਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਸ ਸਤੰਬਰ ਦੇ ਅੰਤ ਤੱਕ ਸਿਰਫ 70 ਕਰੋੜ ਰੁਪਏ ਹੀ ਬਕਾਇਆ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੋਬਾਈਲ ਵਿੰਗ ਦੀ ਗਿਣਤੀ 14 ਤੋਂ ਘਟਾ ਕੇ 7 ਕਰ ਦਿੱਤੀ ਹੈ ਜਿਨ੍ਹਾਂ ਨੂੰ ਆਬਕਾਰੀ ਵਿਭਾਗ ਦੇ ਬਿਹਤਰੀਨ ਅਫਸਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਨਾਲ ਟੈਕਸ ਅਤੇ ਜੁਰਮਾਨੇ ਵਿਚ ਜ਼ਬਤ ਕੀਤੇ ਵਾਹਨਾਂ ਵਿਚ 95 ਫੀਸਦੀ ਤੋਂ ਵੱਧ ਨਤੀਜੇ ਆਏ ਹਨ ਕਿਉਂ ਜੋ ਯੋਗ ਰਜਿਸਟਰਡ ਕਰ ਦਾਤਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਕੇਜਰੀਵਾਲ ਦੇ ਇੱਕ-ਦੋ ਸਾਲਾਂ ਦੇ ਅੰਦਰ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਇੱਕ ਹੋਰ ਖਿਆਲੀ ਵਾਅਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਰੱਖ-ਰਖਾਅ ਅਤੇ ਨਵੀਨੀਕਰਨ ਦੇ ਕੰਮਾਂ ਵੱਲ ਹਮੇਸ਼ਾ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀਐਸਆਈਈਸੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੰਕਰੀਟ ਸੜਕਾਂ, ਵਾਟਰ ਸਪਲਾਈ ਲਾਈਨ ਨੂੰ ਮੁੜ ਸੁਰਜੀਤ ਕਰਨ, ਸਟਰੀਟ ਲਾਈਟਾਂ, ਸੀਵਰੇਜ ਦੇ ਨਿਪਟਾਰੇ ਆਦਿ ਪ੍ਰਦਾਨ ਕਰਨ ਲਈ ਲਗਭਗ 95 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਅਨੁਕੂਲ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਨਵੇਂ ਫੋਕਲ ਪੁਆਇੰਟਾਂ ਜਿਵੇਂ ਕਿ ਹਾਈ ਟੈਕ ਸਾਈਕਲ ਵੈਲੀ, ਧਨਾਨਸੂ, ਲੁਧਿਆਣਾ ਅਤੇ ਨਾਭਾ ਦੇ ਵਿਕਾਸ ਲਈ ਵੀ ਲਗਭਗ 108 ਕਰੋੜ ਰੁਪਏ ਖਰਚ ਕੀਤੇ ਗਏ ਹਨ।