ਚੰਡੀਗੜ੍ਹ:ਪੰਜਾਬ ਵਿੱਚ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਥੋੜਾ ਬਦਲਾਅ ਜਰੂਰ ਆਇਆ ਹੈ। ਪਰ ਇਸ ਦੇ ਨਾਲ ਹੀ ਪੰਜਾਬ ਲੋਕਾਂ ਵੱਲੋਂ ਕੰਮਾਂ ਤੇ ਵਿਕਾਸ ਨੂੰ ਲੈ ਕੇ ਉਨ੍ਹਾਂ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਲਗਾਈ ਜਾ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party)ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਂ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ, ‘‘ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਮੇਤ ਉਸਦੀ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ। ਪ੍ਰੰਤੂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਤਾਂ ਤੱਥਾਂ ਸਬੂਤਾਂ ਦੇ ਪੁਲੰਦੇ ਜਨਤਕ ਹੋ ਚੁੱਕੇ ਹਨ।
ਆਮ ਆਦਮੀ ਪਾਰਟੀ (Aam Aadmi Party) ਨਾ ਕੇਵਲ ਇਨ੍ਹਾਂ ਮੰਤਰੀਆਂ ਵਿਰੁੱਧ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਕੋਲੋਂ ਬਰਖ਼ਾਸਤਗੀ ਅਤੇ ਕਾਰਵਾਈ ਮੰਗਦੀ ਆ ਰਹੀ ਹੈ, ਸਗੋਂ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਰਿਹਾਇਸ਼ਾਂ ਵੀ ਘੇਰਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਨੂੰ ਆਪਣੀ ਕੁਰਸੀ ਲਈ ਬਚਾਉਂਦੇ ਰਹੇ। ਇਸ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ਼ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇਨ੍ਹਾਂ ਭ੍ਰਿਸ਼ਟਾਚਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਹਨ।’’
ਹਰਪਾਲ ਸਿੰਘ ਚੀਮਾ (Harpal Singh Cheema) ਨੇ ਸਬੂਤ ਵਜੋਂ ਸਰਕਾਰੀ ਦਸਤਾਵੇਜ਼ਾਂ ਅਤੇ ਵੱਖ- ਵੱਖ ਜਾਂਚ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸ਼ਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਵਿੱਚ ਕਰੀਬ 8 ਕਰੋੜ ਦਾ ਘੋਟਾਲਾ ਕਰਕੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਸਿੱਖਿਆ ਹਾਸਲ ਕਰਨ ਦਾ ਹੱਕ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ਼ ਹਨ। ਜਿੱਥੇ ਮੰਤਰੀ ਧਰਮਸੋਤ ਖ਼ਿਲਾਫ਼ ਜਾਂਚ ਰਿਪੋਰਟ ਦਿੱਤੀ ਹੈ, ਉਥੇ ਕੇਂਦਰ ਸਰਕਾਰ 'ਤੇ ਸੀ.ਬੀ.ਆਈ ਨੇ ਵੀ ਮੰਤਰੀ ਖ਼ਿਲਾਫ਼ ਕਾਰਵਾਈ ਲਈ ਕੈਪਟਨ ਸਰਕਾਰ ਤੋਂ ਫਾਇਲਾਂ ਦੀ ਮੰਗ ਕੀਤੀ ਸੀ। ਇਥੇ ਹੀ ਬਸ ਨਹੀਂ ਇੱਕ ਹੋਰ ਸੀਨੀਅਰ ਅਧਿਕਾਰੀ ਦਵਿੰਦਰ ਸਿੰਘ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਘੋਟਾਲੇ ਦੀ ਰਕਮ ਵਸੂਲ ਕੀਤੀ ਜਾਵੇ।