ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦਿੱਲੀ ਲਈ ਰਵਾਨਾ ਹੋਏ। ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ 21 ਸਤੰਬਰ ਨੂੰ ਸ਼ਾਮ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਤੇ ਦੋਵੇਂ ਉਪ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਣਗੇ। ਇਸ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਇਸ ਸਮੇਂ ਸ਼ਿਮਲਾ 'ਚ ਹਨ।
ਮੋਹਾਲੀ ਏਅਰਪੋਰਟ ਤੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੋਏ ਰਵਾਨਾ
11-40 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਿਪਟੀ ਸੀ.ਐੱਮ. ਦੇ ਨਾਲ ਮੋਹਾਲੀ ਏਅਰਪੋਰਟ ਤੋਂ ਰਵਾਨਾ ਹੋ ਚੁੱਕੇ ਹਨ, ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਨ। ਜਾਣਕਾਰੀ ਮੁਤਾਬਕ ਹਰੀਸ਼ ਰਾਵਤ ਵੀ ਦਿੱਲੀ ਪਹੁੰਚ ਰਹੇ ਹਨ। ਹਰੀਸ਼ ਰਾਵਤ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈ ਕਮਾਨ ਨਾਲ ਜੁੜਣਗੇ। ਕੈਬਨਿਟ ਵਿਚ ਕਿਹੜੇ ਨਵੇਂ ਨਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਕਿਹੜੇ ਮੰਤਰੀਆਂ ਦੀ ਕੁਰਸੀ ਖੁੱਸੇਗੀ ਇਸ ਨੂੰ ਲੈ ਕੇ ਚਰਚਾ ਹੋਵੇਗੀ।