ਚੰਡੀਗੜ੍ਹ:ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁੱਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ 'ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।
ਦਾਣਾ ਮੰਡੀ ਤਲਵੰਡੀ ਸਾਬੋ ਵਿੱਚ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਬਾਦਲਾਂ ਨੇ ਸਾਰਾ ਧਿਆਨ ਆਪਣੇ ਖ਼ਜ਼ਾਨੇ ਭਰਨ 'ਤੇ ਲਗਾਈ ਰੱਖਿਆ ਅਤੇ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਇਸ ਲਈ ਸਹਿਰ ਨੂੰ ਧਾਰਮਿਕ ਤੌਰ 'ਤੇ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉੱਦਮ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵੱਡੇ ਕਦਮ ਚੁੱਕਣ ਦਾ ਐਲਾਨ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਦਾ ਆਧੁਨਿਕ ਮਾਡਲ ਸਕੂਲ ਖਰੜ ਵਿਖੇ ਬਣਾਇਆ ਗਿਆ ਹੈ। ਉਸੇ ਤਰ੍ਹਾਂ ਦਾ ਹੀ ਸਕੂਲ ਰਾਮਾਂ ਮੰਡੀ ਵਿਖੇ ਬਣਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।
ਮੰਡੀ ਦੀ ਯਾਤਾਯਾਤ ਸਮੱਸਿਆ ਸਬੰਧੀ ਬੋਲਦਿਆਂ ਉਨ੍ਹਾਂ ਨੇ ਰਾਮਾਂ ਮੰਡੀ ਵਿੱਚ ਇੱਕ ਫਲਾਈਓਵਰ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਗੋਆ ਵਿੱਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਤਾਂ ਪੰਜਾਬ ਵਿੱਚ ਇਸ ਦੇ ਬਰਾਬਰ ਜਾਂ 5 ਹਜ਼ਾਰ ਰੁਪਏ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ। ਉਨ੍ਹਾਂ ਨੇ ਆਪ ਵਾਲਿਆਂ ਨੂੰ ਬਾਹਰੀ ਦੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਲਈ ਝੂਠੇ ਵਾਅਦਿਆਂ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ।
ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿੱਚ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਇੱਥੋਂ ਦੀ ਆਪਣੀ ਪੁਰਾਣੀ ਸਾਈਕਲ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਾਰੀ ਉਹ ਹੈਲੀਕਾਪਟਰ 'ਤੇ ਆਏ ਹਨ, ਜੋ ਸਾਡੇ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਵਿਸ਼ਵਾਸ ਦਾ ਨਤੀਜਾ ਹੈ ।