ਚੰਡੀਗੜ੍ਹ: ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੀਟਿੰਗ ਵਿੱਚ ਹਾਜ਼ਰ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਸੂਬਾ ਸਰਕਾਰ ਨੂੰ ਖੇਤੀਬਾੜੀ ਖੇਤਰ ਲਈ ਪੜਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ ਜਿਸ ਨਾਲ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਤੇ ਰਵਾਇਤੀ ਢੰਗ ਨਾਲ ਝੋਨਾ ਬੀਜਣ ਦੌਰਾਨ ਬਿਜਲੀ ਦੀ ਬਿਹਤਰ ਸਹੂਲਤ ਮਿਲ ਸਕੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੜਾਅ ਵਾਰ ਢੰਗ ਨਾਲ ਬਿਜਲੀ ਸਪਲਾਈ ਦਾ ਇਹ ਪ੍ਰਸਤਾਵ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੇ ਪੀਕ ਲੋਡ ਤੋਂ ਬਚਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਰਾਹੀਂ ਖੇਤਰ ਦੀ ਮੰਗ ਅਨੁਸਾਰ ਬਰਾਬਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਪੂਰੇ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਜਾਵੇ। ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ ਅਤੇ ਸੂਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਬਾਰੇ ਉਨ੍ਹਾਂ ਤੋਂ ਵਿਚਾਰ ਲਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੇ ਅਧਿਐਨ ਦੇ ਨਤੀਜਿਆਂ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ `ਤੇ ਲਾਹੇਵੰਦ ਡੀਐਸਆਰ ਤਕਨੀਕ ਵੱਲ ਮੁੜਣ ਦਾ ਇਹ ਢੁਕਵਾਂ ਸਮਾਂ ਹੈ , ਜੋ ਕਿ ਧਰਤੀ ਹੇਠਲੇ ਪਾਣੀ ਨੂੰ 15 ਤੋਂ 20 ਫੀਸਦ ਤੱਕ ਬਚਾਉਣ ਵਿੱਚ ਸਹਾਈ ਹੋਵੇਗਾ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ 10- 15 ਫੀਸਦ ਤੱਕ ਰੀਚਾਰਜ ਵੀ ਕੀਤਾ ਜਾ ਸਕੇਗਾ ਅਤੇ ਇਸ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਸਮੇਤ ਲਾਗਤ ਖਰਚੇ `ਤੇ ਲਗਭਗ 3000 ਰੁਪਏ ਪ੍ਰਤੀ ਏਕੜ ਦੀ ਬੱਚਤ ਹੋਵੇਗੀ।