ਚੰਡੀਗੜ੍ਹ/ਸ੍ਰੀ ਫ਼ਤਿਹਗੜ੍ਹ ਸਾਹਿਬ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਜਿਥੇ ਸਿੱਖਿਆ ਮੰਤਰੀ ਵਲੋਂ ਉਚੇਚੇ ਯਤਨ ਕੀਤੇ ਜਾ ਰਹੇ ਹਨ,ਉਥੇ ਹੀ ਮੁੱਖ ਮੰਤਰੀ ਮਾਨ ਵਲੋਂ ਵੀ ਖੁਦ ਸਕੂਲੀ ਸਿੱਖਿਆ ਨੂੰ ਲੈਕੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਚੁੰਨੀ ਕਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਨੇ ਦੁਪਹਿਰ ਸਮੇਂ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ।
ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਲਾਤਾਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਭਰੋਸਾ ਵੀ ਦਿੱਤਾ ਗਿਆ ਕਿ ਜ਼ਲਦ ਹੀ ਸਕੂਲੀ ਸਿੱਖਿਆ 'ਚ ਹੋਰ ਸੁਧਾਰ ਵੀ ਕੀਤੇ ਜਾਣਗੇ। ਸਕੂਲੀ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਕੂਲ ਦੀਆਂ ਕਮੀਆਂ 'ਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣ ਲਈ ਅਸੀਂ ਪੂਰੇ ਵਚਨਬੱਧ ਹਾਂ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ:ਘਰ ਦੇ ਬਾਹਰ ਖੜਾ Bullet ਮੋਟਰਸਾਈਕਲ ਲੈਕੇ ਚੋਰ ਹੋਏ ਰਫੂਚੱਕਰ, ਸੀਸੀਟੀਵੀ ਤਸਵੀਰਾਂ ਕੈਦ