ਪੰਜਾਬ

punjab

ETV Bharat / city

ਕੇਂਦਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਨੂੰ ਕੈਪਟਨ ਨੇ ਦੱਸਿਆ ਉਸਾਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ ਕੀਤੀ, ਉਥੇ ਹੀ ਸੂਬੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਸੰਕਟ ਦੇ ਛੇਤੀ ਹੱਲ ਦੀ ਵੀ ਉਮੀਦ ਜਤਾਈ ਹੈ। ਉਧਰ, ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਮੀਟਿੰਗ ਦੇ ਬੇਨਤੀਜਾ ਰਹਿਣ 'ਤੇ ਇਸ ਨੂੰ ਕੇਂਦਰ ਵੱਲੋਂ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ
ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ

By

Published : Nov 13, 2020, 9:14 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ 'ਤੇ ਪੈਦਾ ਹੋਈ ਪੇਚੀਦਗੀ ਬਾਰੇ ਸ਼ੁੱਕਰਵਾਰ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ। ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨ੍ਹਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ 'ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ।

ਉਧਰ, ਸ੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੀਟਿੰਗ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੀਵਾਲੀ ਮੌਕੇ ਕੇਂਦਰ ਵੱਲੋਂ ਦੁਬਾਰਾ ਗੱਲਬਾਤ ਦਾ ਸੱਦਾ ਦੇ ਕੇ ਖਾਲੀ ਹੱਥ ਮੋੜਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਹੋਰ ਸਮਾਂ ਵਿਅਰਥ ਨਾ ਕਰਨ ਅਤੇ ਖੇਤੀ ਕਾਨੂੰਨਾਂ ਸਮੇਤ ਸਾਰੇ ਮਸਲੇ ਹੱਲ ਕਰਦੇ ਹੋਏ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਕਰਨੀ ਚਾਹੀਦੀ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਬੈਠਕ ਦਾ ਬੇਸਿੱਟਾ ਰਹਿਣਾ ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ 'ਤੇ ਸੋਚੀ-ਸਮਝੀ ਸਾਜ਼ਿਸ਼ ਨਾਲ ਮਾਰੀ ਗਈ ਸਿੱਧੀ ਸੱਟ ਹੈ, ਪਰੰਤੂ ਇਸ ਦੀ ਨਾ ਕੇਵਲ ਭਾਰਤੀ ਜਨਤਾ ਪਾਰਟੀ (ਭਾਜਪਾ) ਸਗੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਭਾਰੀ ਕੀਮਤ ਚੁਕਾਉਣੀ ਹੋਵੇਗੀ।

ABOUT THE AUTHOR

...view details