ਚੰਡੀਗੜ੍ਹ: ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੋਂ ਬਾਅਦ ਪੰਜਾਬ ਡੀਜੀਪੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ।
ਦੱਸ ਦਈਏ ਕਿ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੀਆਈਏ ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਮੁੜ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਿਸ ਭਾਰਤ ਵੱਲੋਂ ਟਵੀਟ ਕਰ ਦੱਸਿਆ ਗਿਆ ਹੈ ਕਿ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ 222,224,225 A,120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੀਆਈਏ ਇੰਚਾਰਜ ਦੇ ਖਿਲਾਫ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ:ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼