ਪਟਿਆਲਾ: ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਤਾਇਨਾਤ ਹਰ ਸ਼ਖ਼ਸ ਨੂੰ ਜਵਾਬਦੇਹ ਬਣਾਇਆ ਜਾਏਗਾ। ਅੱਜ ਪਟਿਆਲਾ ਦੇ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫ਼ਰੰਸਿੰਗ ਜ਼ਰੀਏ ਸਿੰਗਲਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਬਣਾ ਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਸਮਾਜ ਭਲਾਈ ਦੇ ਗੁਣ ਵੀ ਪੜਾਈ ਦੇ ਨਾਲੋ-ਨਾਲ ਉਨ੍ਹਾਂ 'ਚ ਵਿਕਸਿਤ ਕਰਨ।
ਬੰਦ ਸਕੂਲਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ: ਸਿੰਗਲਾ
ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਦੀ ਸਿੱਖਣ ਸਮਰੱਥਾ ਵਧਾਉਣ ਲਈ ਅਧਿਆਪਕਾਂ ਨੂੰ ਵੀ ਨਵੀਂਆਂ ਤਕਨੀਕਾਂ ਨੂੰ ਵਰਤੋਂ ਵਿੱਚ ਲਿਆਉਣਾ ਪਵੇਗਾ।
ਸਿੰਗਲਾ
ਸਿੱਖਿਆ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਫ਼ੈਲਣ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਬੇਸ਼ਕੀਮਤੀ ਸਮਾਂ ਖ਼ਰਾਬ ਹੋਇਆ ਹੈ ਪਰ ਹੁਣ ਅਸੀਂ ਇਹ ਤਹੱਈਆ ਕੀਤਾ ਹੈ ਕਿ ਇਸ ਸਮੇਂ ਨੂੰ ਅਜਾਈਂ ਗਵਾਉਣ ਦੀ ਬਜਾਏ ਆਪਣੇ ਆਪ ਤੇ ਵਿਦਿਆਰਥੀਆਂ ਨੂੰ ਹੋਰ ਨਿਖਾਰਨ 'ਤੇ ਲਗਾਇਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਪੰਜਾਬ 'ਚ ਮੌਜੂਦ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬਲਾਕਾਂ 'ਚ ਤੈਨਾਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਿੱਖਿਆ ਦੇ ਖੇਤਰ 'ਚ ਤੈਨਾਤ ਹਰ ਸਖ਼ਸ਼ ਨੂੰ ਜਵਾਬਦੇਹ ਬਣਾਇਆ ਜਾ ਸਕੇ।