ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਸੰਘਰਸ਼ ਦੇ ਰਾਹ 'ਤੇ ਹੈ। ਕਿਸਾਨ ਜਥੇਬੰਦੀਆਂ ਲਗਾਤਾਰ ਇਨ੍ਹਾਂ ਖੇਤੀ ਆਰਡੀਨੈਂਸਾਂ ਵਿਰੁੱਧ ਮੈਦਾਨ ਵਿੱਚ ਹਨ। ਇਸੇ ਤਹਿਤ ਹੀ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੇਂਦਰ ਦੇ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਵਿਧਾਨ ਸਭਾ ਰਾਹੀਂ ਇਨ੍ਹਾਂ ਕਾਨੂੰਨਾਂ ਅਤੇ ਬਿਜਲੀ ਸੋਧ ਕਾਨੂੰਨ-2020 ਨੂੰ ਰੱਦ ਕੀਤਾ ਜਾਵੇਗਾ।
ਕੈਪਟਨ ਨੇ ਕਿਸਾਨ ਜਥੇਬੰਦੀਆਂ ਨੂੰ ਵਿਧਾਨ ਸਭਾ 'ਚ ਖੇਤੀ ਕਾਨੂੰਨ ਰੱਦ ਕਰਨ ਦਾ ਦਿੱਤਾ ਭਰੋਸਾ ਇਸ ਮੀਟਿੰਗ ਤੋਂ ਬਾਅਦ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਢੁਡੀਕੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ। ਇਸ ਮੌਕੇ ਢੁਡੀਕੇ ਨੇ ਕਿਹਾ ਮੁੱਖ ਮੰਤਰੀ ਨੇ ਆਪਣੇ ਆਈਐਸਆਈ ਵਾਲੇ ਬਿਆਨ ਤੋਂ ਵੀ ਪਾਸਾ ਵੱਟਿਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਬਿਆਨ ਕਿਸਾਨ ਜਥੇਬੰਦੀਆਂ ਬਾਰੇ ਨਹੀਂ ਦਿੱਤਾ।
ਨਿਰਭੈਅ ਸਿੰਘ ਢੁਡੀਕੇ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ 1 ਤੇ 2 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸੇ ਨਾਲ ਹੀ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਭਾਜਪਾ ਦੇ ਲੋਕ ਸਭਾ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਕੈਪਟਨ ਨੇ ਕਿਸਾਨ ਜਥੇਬੰਦੀਆਂ ਨੂੰ ਵਿਧਾਨ ਸਭਾ 'ਚ ਖੇਤੀ ਕਾਨੂੰਨ ਰੱਦ ਕਰਨ ਦਾ ਦਿੱਤਾ ਭਰੋਸਾ ਇਸ ਮੌਕੇ ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਇਹ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਜੇਕਰ ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਦੇ ਮਤਿਆਂ 'ਤੇ ਦਸਤਖ਼ਤ ਨਹੀਂ ਕੀਤੇ ਤਾਂ ਉਨ੍ਹਾਂ ਵਿਰੁੱਧ ਵੀ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ।