ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਖ-ਵੱਖ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ ਕੀਤੇ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਵੀਡਿਓ ਕਾਨਫਰੰਸ ਰਾਹੀਂ ਸੂਬਾਈ ਹੜ੍ਹ ਰੋਕੂ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਬਾਰਸ਼/ਹੜ੍ਹਾਂ ਦੀ ਸੂਰਤ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੜ੍ਹ ਸੰਭਾਵੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸਪੁਰਦਗੀ ਵਿੱਚ 10 ਕਰੋੜ ਰੁਪਏ ਰੱਖਣ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕੰਮਾਂ ਨੂੰ ਤਰਜੀਹ ਦੇਣ ਅਤੇ ਫੰਡਾਂ ਦੀ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਧਿਆਨ ਦੇਣ ਵਾਲੇ ਪ੍ਰਾਜੈਕਟਾਂ ਦੀ ਸੂਚੀ ਸੌਂਪਣ।
ਉਨ੍ਹਾਂ ਡੀਸੀਜ਼ ਨੂੰ ਜਲ ਸਰੋਤ ਵਿਭਾਗ ਨਾਲ ਤਾਲਮੇਲ ਕਰ ਕੇ ਡਰੇਨਾਂ ਦੀ ਨਿਕਾਸੀ ਤੇ ਸਫਾਈ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਕੰਮ ਤੁਰੰਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਮੁਕੰਮਲ ਹੋ ਜਾਣ।