ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਦਰਅਸਲ 10 ਜਨਵਰੀ 2020 ਨੂੰ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦਾ ਘੇਰਾਓ ਕੀਤਾ ਸੀ। ਇਸ ਦੌਰਾਨ ਸੈਕਟਰ 3 ਥਾਣੇ ਦੀ ਪੁਲਿਸ ਨੇ ‘ਆਪ’ ਆਗੂਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। 'ਆਪ' ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ‘ਆਪ’ ਆਗੂਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਸਬੰਧ ਵਿੱਚ ਭਗਵੰਤ ਮਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਹੁੰਚੇ ਸੀ।
ਦੱਸ ਦਈਏ ਕਿ ਸਵੇਰੇ 10.15 ਵਜੇ ਦੇ ਕਰੀਬ ਭਗਵੰਤ ਮਾਨ ਪੁਲਿਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ਵਿੱਚ ਆਏ ਸੀ। ਇਸ ਮਾਮਲੇ ਦੀ ਸੁਣਵਾਈ ਇੱਥੇ ਸੀਜੇਐਮ ਅਦਾਲਤ ਵਿੱਚ ਹੋਈ। ਮੁੱਢਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਆਪ ਆਗੂਆਂ ਨੂੰ ਅਪਰਾਧਿਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਇਸ ਮਾਮਲੇ ਵਿੱਚ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੈ। ਇਸ ਕਾਰਨ ਉਹ ਅਦਾਲਤ ਪਹੁੰਚੇ ਸੀ।