ਚੰਡੀਗੜ੍ਹ:ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਇੱਕ ਤੋਂ ਬਾਅਦ ਇੱਕ ਆਪਣੇ ਵਾਅਦੇ ਪੂਰੇ ਕਰਨ ਨੂੰ ਲੈਕੇ ਅਹਿਮ ਫੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਦੱਸਿਆ ਕਿ ਵਾਅਦੇ ਮੁਤਾਬਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਕੰਮ ਕਰ ਰਹੀ ਹੈ।
ਮਾਨ ਨੇ ਦੱਸਿਆ ਕਿ 15 ਅਗਸਤ ਨੂੰ 75ਵੇਂ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਫ਼ਸਰਾਂ ਨਾਲ ‘ਆਮ ਆਦਮੀ ਕਲੀਨਿਕ’ ਲਈ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਹੈ ਅਤੇ ਜਲਦ ਹੀ ਮੈਂ ਮੌਕੇ ‘ਤੇ ਜਾ ਕੇ ਇੰਨ੍ਹਾਂ ਕੰਮਾਂ ਦਾ ਜਾਇਜ਼ਾ ਲਵਾਂਗਾ।
ਦੱਸ ਦਈਏ ਕਿ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਿਹਤ ਸਹੂਲਤਾਂ ਨੂੰ ਲੈਕੇ ਲਗਾਤਾਰ ਵੱਡੇ ਦਾਅਵੇ ਕਰ ਰਹੀ ਸੀ ਕਿ ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ । ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਚੁੱਕੀ ਹੈ ਅਤੇ 3 ਮਹੀਨੇ ਤੋਂ ਵੱਧ ਦਾ ਸਮਾਂ ਸਰਕਾਰ ਬਣੀ ਨੂੰ ਹੋ ਚੁੱਕਿਆ ਹੈ।
ਸਰਕਾਰ ਵੱਲੋਂ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਦਿਨ੍ਹਾਂ ਵਿੱਚ ਬਿਜਲੀ ਦੀ 300 ਯੂਨਿਟ ਮੁਫ਼ਤ ਸਕੀਮ ਨੂੰ ਲਾਗੂ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਤਿਆਰੀ ਖਿੱਚ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰ ਕਾਰਜ਼ਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਕਿ ਸਮੇਂ ਸਿਰ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ:ਸੰਗਰੂਰ ਤੋਂ ਲੋਕਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਚੁੱਕੀ ਸਹੁੰ