ਚੰਡੀਗੜ੍ਹ:ਪੰਜਾਬ ’ਚ ਸੱਤਾ ’ਚ ਆਉਣ ਬਾਅਦ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ’ਚ ਹੁਣ ਰਾਜਪਾਲ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਵਾਲੇ ਗਜ਼ਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਕਾਰਨ ਸਾਬਕਾ ਵਿਧਾਇਕਾਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਸਬੰਧ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। ਇਸਦੇ ਨਾਲ ਹੀ ਸੀਐੱਮ ਭਗਵੰਤ ਮਾਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਇਸ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਟਵੀਟ ਕਰ ਕਿਹਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵਲੋੰ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਲੁੱਟ ਨਹੀ ਕਰਨ ਦਿੱਤੀ ਜਾਵੇਗੀ। “ਇੱਕ ਐਮ.ਐਲ.ਏ. ਇੱਕ ਪੈਂਨਸ਼ਨ” ਨਾਲ ਸਰਕਾਰੀ ਖਜਾਨੇ ਦੀ ਲੁੱਟ ਰੁਕੇਗੀ।
ਆਪ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਪਿਛਲੀਆਂ ਪੰਜਾਬ ਸਰਕਾਰਾਂ ਨੇ 'ਇਕ ਵਿਧਾਇਕ ਕਈ ਪੈਨਸ਼ਨਾਂ' ਦਾ ਸ਼ੋਸ਼ਣ ਕਰਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਅਤੇ ਆਪਣੀਆਂ ਜੇਬਾਂ ਭਰੀਆਂ। ਅੱਜ ਮਾਨ ਸਰਕਾਰ ਨੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਬੱਚਤ ਕਰਦੇ ਹੋਏ 'ਇਕ ਵਿਧਾਇਕ ਇਕ ਪੈਨਸ਼ਨ' ਦੀ ਸ਼ੁਰੂਆਤ ਕੀਤੀ।