ਚੰਡੀਗੜ੍ਹ:ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵਿਚ ਵਿਦਿਅਕ ਪ੍ਰਾਜੈਕਟਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਲਮੀ ਪੱਧਰ ਦੀ ਮੁਕਾਬਲੇਬਾਜ਼ੀ ਦੇ ਯੋਗ ਬਣਾਉਣ ਲਈ ਸਿੱਖਿਆ ਨੂੰ ਸਭ ਤੋਂ ਮਹੱਤਵਪੂਰਨ ਖੇਤਰ ਦੱਸਿਆ।
ਮੁੱਖ ਮੰਤਰੀ ਨੇ ਸਕੂਲ ਸਿੱਖਿਆ ’ਚ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਸਿਖਰਲਾ ਦਰਜਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਅਗਲਾ ਉਦੇਸ਼ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਚ ਵੀ ਪੰਜਾਬ ਨੂੰ ਅੱਵਲ ਸੂਬਾ ਬਣਾਉਣਾ ਹੈ।
ਸਿੱਖਿਆ ਪ੍ਰਤੀ ਆਪਣੀ ਸਰਕਾਰ ਦੀ ਪਹਿਲ ਦੀ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ 2 ਅਕਤੂਬਰ ਨੂੰ 18 ਨਵੇਂ ਡਿਗਰੀ ਕਾਲਜਾਂ ਅਤੇ 25 ਆਈ.ਟੀ.ਆਈਜ਼ ਦਾ ਵੀ ਉਦਘਾਟਨ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਿੱਖਿਆ ਬਦਲਦੇ ਸਮੇਂ ਦੀ ਹਾਣੀ ਹੋਣੀ ਚਾਹੀਦੀ ਹੈ।” ਉਨ੍ਹਾਂ ਨੇ ਇਸ ਲਈ ਨਿਰੰਤਰ ਮੁਲਾਂਕਣ ਦੀ ਲੋੜ ਵੀ ਦਰਸਾਈ ਤਾਂ ਕਿ ਆਉਂਦੇ ਦਹਾਕਿਆਂ ਵਿਚ ਸਿੱਖਿਆ ਗੈਰ-ਮੁਨਾਸਬ ਨਾ ਬਣ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਭਾਵੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਲਾਅ ਡਿਗਰੀ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਸੂਬੇ ਦੇ ਤਕਰੀਬਨ 30 ਕਾਲਜਾਂ ਵਿਚ ਵੀ ਕਾਨੂੰਨ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਸਿਰਫ ਇਕ ਲਾਅ ਯੂਨੀਵਰਸਿਟੀ (ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ) ਸੀ ਅਤੇ ਹੁਣ ਇਹ ਨਵੀਂ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ ਕਾਨੂੰਨ ਨਾਲ ਸਬੰਧਤ ਵਿਸ਼ੇਸ਼ ਕੋਰਸ ਕਰਵਾਏਗੀ।