ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਇੱਥੇ ਮਿਊਂਸਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤੁਹਾਡੇ ਵੱਲੋਂ ਕੀਤੀ ਗਈ ਕਰੜੀ ਮਿਹਨਤ ਦੇ ਸਤਿਕਾਰ ਵਿਚ ਇਕ ਨਿਮਾਣਾ ਜਿਹਾ ਉਪਰਾਲਾ ਹੈ।”
ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਬਾਰੇ ਸੂਬੇ ਵੱਲੋਂ ਪਹਿਲਾਂ ਹੀ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਹੋਰ ਉਭਰਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਹੁਣ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਖ਼ਤ ਲੋੜ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰਤਿਭਾ ਕੁਦਰਤੀ ਤੌਰ ਉਤੇ ਵਿਰਾਸਤ ਵਿੱਚ ਮਿਲੀ ਹੈ ਅਤੇ ਜੇਕਰ ਮੌਕਾ ਦਿੱਤਾ ਗਿਆ ਤਾਂ ਇਹ ਖਿਡਾਰੀ ਪੂਰੀ ਦੁਨੀਆ ਵਿਚ ਹਿੰਮਤ ਨਾਲ ਜੇਤੂ ਇਰਾਦਾ ਲੈ ਕੇ ਮੁਕਾਬਲੇ ਵਿਚ ਉਤਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਲਈ ਪੇਸ਼ੇਵਰ ਕੋਚਾਂ ਦੇ ਨਾਲ-ਨਾਲ ਖੁਰਾਕ ਅਤੇ ਹੋਰ ਸਹੂਲਤਾਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ 'ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਹੈ, ਜਿੱਥੋਂ ਕੁਦਰਤੀ ਤੌਰ ਉਤੇ ਪ੍ਰਤਿਭਾ ਪੈਦਾ ਹੁੰਦੀ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਹੁਣ ਤੱਕ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। 29 ਅਗਸਤ ਤੋਂ ਸ਼ੁਰੂ ਹੋ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਠੋਸ ਉਪਰਾਲੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਸਿੱਧੀ ਹਾਸਲ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ 'ਤੇ ਕਰ ਰਹੀ ਹੈ। ਖਿਡਾਰੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਭਗਵੰਤ ਮਾਨ ਨੇ ਖੇਡਾਂ ਪ੍ਰਤੀ ਪਿਆਰ ਦਾ ਵੀ ਖੁਲਾਸਾ ਕੀਤਾ ਅਤੇ ਦੱਸਿਆ ਕਿ ਹਾਕੀ ਨਾਲ ਪਿਆਰ ਉਨ੍ਹਾਂ ਨੂੰ ਆਪਣੇ ਪਿਤਾ ਤੋਂ ਵਿਰਸੇ ਵਿੱਚ ਮਿਲਿਆ ਹੈ।