ਪੰਜਾਬ

punjab

ETV Bharat / city

ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਵਲੋਂ ਆਂਗਨਵਾੜੀ ਵਰਕਰਾਂ ਦੀਆਂ ਆਸਾਮੀਆਂ ਭਰਨ ਦਾ ਐਲਾਨ - ਰੱਖੜ ਪੁੰਨਿਆ ਮੌਕੇ ਲੜਕੀਆਂ ਨੂੰ ਰੱਖੜੀ ਦਾ ਤੋਹਫਾ

ਪੰਜਾਬ ਸਰਕਾਰ ਵਲੋਂ ਰੱਖੜ ਪੁੰਨਿਆ ਮੌਕੇ ਲੜਕੀਆਂ ਨੂੰ ਰੱਖੜੀ ਦਾ ਤੋਹਫਾ ਦਿੱਤਾ ਗਿਆ. ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ ਹੈ।

ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਆਂਗਨਵਾੜੀ ਵਿੱਚ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ
ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਆਂਗਨਵਾੜੀ ਵਿੱਚ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

By

Published : Aug 12, 2022, 9:05 PM IST

ਅੰਮ੍ਰਿਤਸਰ/ਬਾਬਾ ਬਕਾਲਾ: ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ।

ਇੱਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ।

ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਆਂਗਨਵਾੜੀ ਵਿੱਚ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇੱਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।

ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਆਂਗਨਵਾੜੀ ਵਿੱਚ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਦੇ ਲੋਭੀ ਇਨ੍ਹਾਂ ਆਗੂਆਂ ਨੇ ਸਿਰਫ਼ ‘ਹਵਾਈ ਕਿਲੇ’ ਹੀ ਉਸਾਰੇ ਅਤੇ ਜਨਤਾ ਦੇ ਪੈਸੇ ਦੀ ਬੇਰਹਿਮੀ ਨਾਲ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਫਾਈਲਾਂ ਆਉਂਦੀਆਂ ਹਨ ਤਾਂ ਇਨ੍ਹਾਂ ਫਾਈਲਾਂ ਰਾਹੀਂ ਇਨ੍ਹਾਂ ਨੇਤਾਵਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਹੋਈ ਤਰਸਯੋਗ ਸਥਿਤੀ ਨੂੰ ਦੇਖ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਤੇ ਦੁਖੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਨ `ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਗੁਨਾਹਾਂ ਲਈ ਦੋਸ਼ੀ ਆਗੂਆਂ ਵਿਰੁੱਧ ਸ਼ਿਕੰਜਾ ਕਸਣ ਲਈ ਬਾਰੀਕੀ ਨਾਲ ਘੋਖ ਕਰ ਰਹੀ ਹੈ।

ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਆਂਗਨਵਾੜੀ ਵਿੱਚ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

ਮੁੱਖ ਮੰਤਰੀ ਨੇ ਤਨਜ਼ ਕਸਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਮਾੜੇ ਕੰਮ ਇਨ੍ਹਾਂ ਨੂੰ ਕਿਸੇ ਵੇਲੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਸਕਦੇ ਹਨ, ਇਸ ਲਈ ਇਹ ਆਗੂ ਹੁਣ ਸਰਕਾਰ ਨੂੰ ਜੇਲ੍ਹਾਂ ਦੀ ਭਲਾਈ ਵੱਲ ਧਿਆਨ ਦੇਣ ਲਈ ਅਪੀਲਾਂ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਜਾਅਲੀ ਨੋਟ ਛਾਪਣ ਲਈ ਕੋਈ ਪ੍ਰਿੰਟਿੰਗ ਮਸ਼ੀਨ ਨਹੀਂ ਸੀ ਪਰ ਇਨ੍ਹਾਂ ਨੇ ਟੈਕਸ ਭਰਨ ਵਾਲਿਆਂ ਦੀ ਧਨ-ਦੌਲਤ ਲੁੱਟ ਕੇ ਆਲੀਸ਼ਾਨ ਮਹਿਲ ਉਸਾਰ ਲਏ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਅਤੇ ਘਿਨਾਉਣੇ ਤਰੀਕਿਆਂ ਨਾਲ ਇਹ ਲੋਕ ਤਾਂ ਅਮੀਰ ਬਣ ਗਏ ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਿਰਵਾ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਜਨਤਾ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਐਸ਼ਪ੍ਰਸਤੀ ਲਈ ਕੇਂਦਰ ਤੋਂ ਮਿਲੇ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਕੇਂਦਰ ਸਰਕਾਰ ਸੂਬੇ ਦੇ ਬਣਦੇ ਹੱਕ ਦੇ ਬਾਵਜੂਦ ਫੰਡ ਜਾਰੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਇਸ ਮੁੱਦੇ ਨੂੰ ਵਿਚਾਰਿਆ, ਜਿਸ ਤੋਂ ਬਾਅਦ ਸੂਬੇ ਲਈ 1760 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਸਿਰਫ਼ ਲੋਕਾਂ ਦੀ ਭਲਾਈ `ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਆਲ੍ਹਾ ਕਮਾਨ ਜਾਂ ਕਾਰੋਬਾਰੀ ਮਿੱਤਰ ਜੁੰਡਲੀ ਨੂੰ ਮਿਲਣ ਲਈ ਕੌਮੀ ਰਾਜਧਾਨੀ ਵਿੱਚ ਜਾਂਦੇ ਸਨ, ਜਦਕਿ ਅਸੀਂ ਉੱਥੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਜਾਂਦੇ ਹਾਂ।

ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਇਸ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰ ਰਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਲਈ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਵਾਤਾਵਰਨ ਨੂੰ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਧਿਆਨ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਬਣਾਉਣ ਵੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਢੋਆ-ਢੁਆਈ ਰੋਕਣ `ਤੇ ਵਿਸ਼ੇਸ਼ ਚੌਕਸੀ ਰੱਖੀ ਜਾਵੇਗੀ, ਜਿਸ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ `ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਲਈ ਪਹਿਲਾਂ ਹੀ ਇਕ ਖੇਤੀਬਾੜੀ ਕਾਲਜ ਮਨਜ਼ੂਰ ਹੋ ਚੁੱਕਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਦੇ ਨਾਲ-ਨਾਲ ਬਾਬਾ ਬਕਾਲਾ ਵਿਖੇ ਆਈ.ਟੀ.ਆਈ. ਦਾ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ।

ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦਾ ਸੌ ਕਰੋੜ ਰੁਪਏ ਦਾ ਬਕਾਇਆ ਜਾਰੀ

ABOUT THE AUTHOR

...view details