ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਕੋਰੋਨਾ ਖਿਲਾਫ਼ ਜੰਗ ਜਿੱਤਣ ਵਾਲੀ ਤੇਜ਼ ਰਫਤਾਰ ਵੈਕਸੀਨੇਸ਼ਨ ਦੀ ਜ਼ਰੂਰਤ ਹੈ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਵੀ ਇਹ ਬੇਨਤੀ ਕੀਤੀ ਕਿ ਅਗਲੇ ਛੇ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਲੋਕਾਂ ਦੀ ਵੈਕਸੀਨੇਸ਼ਨ ਲਈ ਇੱਕ ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਕਾਰਨ ਜਿਹੜੇ ਪਰਿਵਾਰਾਂ ਦੇ ਕਮਾਉਣ ਵਾਲੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਹਨਾਂ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਅਨਾਥ ਹੋਇਆਂ ਨੁੰ ਮੁਫ਼ਤ ਸਿੱਖਿਆ ਦਿੱਤੀ ਜਾਵੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਛੇ ਮਹੀਨਿਆਂ ਲਈ ਮੁਆਫ਼ ਕੀਤੇ ਜਾਣ।
ਤੇਜ਼ ਰਫਤਾਰ ਵੈਕਸੀਨੇਸ਼ਨ ਦੀ ਲੋੜ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੁੰ ਕੇਂਦਰ ਵੱਲ ਨਹੀਂ ਵੇਖਣਾ ਚਾਹੀਦਾ। ਉਨ੍ਹਾਂ ਨੂੰ ਖੁਦ ਸੂਬੇ ਦੇ ਫੰਡਾਂ ਨਾਲ ਵੈਕਸੀਨ ਦੀ ਉਸੇ ਤਰੀਕੇ ਤੇਜ਼ ਰਫਤਾਰ ਖਰੀਦ ਕਰਨੀ ਚਾਹੀਦੀ ਹੈ, ਜਿਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਰਡਰ ਦੇਣ ਦੇ ਇੱਕ ਹਫਤੇ ਦੇ ਅੰਦਰ ਹੀ ਕੋਵੈਕਸੀਨ ਦੀ ਖਰੀਦ ਕਰ ਲਈ ਹੈ। ਉਹਨਾਂ ਕਿਹਾ ਕਿ ਮੁੰਬਈ ਵਰਗੇ ਸ਼ਹਿਰਾਂ ਦੇ ਨਿਗਮਾਂ ਨੇ ਵੀ 600 ਕਰੋੜ ਰੁਪਏ ਦੀ ਵੈਕਸੀਨ ਖਰੀਦੀ ਹੈ ਤਾਂ ਜੋ ਸਾਰੇ ਸ਼ਹਿਰ ਦੇ ਵਸਨੀਕਾਂ ਨੁੰ ਇੱਕੋ ਵਾਰ 'ਚ ਵੈਕਸੀਨ ਲਗਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਲੋੜ ਹੈ ਤਾਂ ਮੁੱਖ ਮੰਤਰੀ ਵੈਕਸੀਨ ਦੀ ਤੇਜ਼ ਰਫਤਾਰ ਖਰੀਦ ਲਈ ਤਜਵੀਜ਼ ਦੀ ਮਨਜ਼ੂਰੀ ਲਈ ਤੁਰੰਤ ਸੂਬੇ ਦੇ ਮੰਤਰੀ ਮੰਡਲ ਦੀ ਮੀਟਿੰਗ ਸੱਦਣ।
ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੁੰ ਤੀਜੀ ਕੋਰੋਨਾ ਲਹਿਰ ਦੇ ਸਾਹਮਣੇ ਲਈ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੂਬੇ ਨੂੰ ਘੱਟ ਤੋਂ ਘੱਟ 2000 ਵੈਂਟੀਲੇਟਰਾਂ ਦੀ ਜ਼ਰੂਰਤ ਹੈ ਤੇ ਇਨ੍ਹਾਂ ਨੂੰ ਚਲਾਉਣ ਲਈ ਲੋੜੀਂਦਾ ਸਟਾਫ ਭਰਤੀ ਕਰ ਕੇ ਇਹਨਾਂ ਨੂੰ ਅਗਲੇ ਤਿੰਨ ਮਹੀਨਿਆਂ 'ਚ ਚਾਲੂ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਸੂਬੇ ਦੇ 22 ਜ਼ਿਲ੍ਹਿਆਂ ਵਿਚੋਂ 17 'ਚ ਵੈਂਟੀਲੇਟਰ ਸਹੂਲਤ ਉਪਲਬਧ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਤਾਂ ਹੀ ਲੜ ਸਕਦਾ ਸੀ, ਜੇਕਰ ਮੁੱਖ ਮੰਤਰੀ ਤੇ ਸਾਰੇ ਮੰਤਰੀ ਆਪ ਅੱਗੇ ਹੋ ਕੇ ਲੜਦੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਤੱਕ ਅਜਿਹਾ ਵੇਖਣ ਨੂੰ ਨਹੀਂ ਮਿਲਿਆ ਤੇ ਹੁਣ ਇਸਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਅੰਦਰ ਹੀ ਪੰਜਾਬ 'ਚ ਚਾਰ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।