ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਨਾਂਅ 'ਤੇ ਕੌਮੀ ਵੀਰਤਾ ਐਵਾਰਡ ਦਿੱਤੇ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਨਾਂਅ ’ਤੇ ਕੌਮੀ ਵੀਰਤਾ ਐਵਾਰਡ ਦਿੱਤੇ ਜਾਣ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੋਦੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਸੋਨੇ ਦਾ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾਵੇ।
ਪੀਐਮ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਖਾਸ ਕਰਕੇ ਵਿਸ਼ਵ ਭਰ ਦੇ ਲੋਕਾਂ ਨੂੰ ਸਾਡੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਇਸ ਮਹਾਨ ਅਧਿਆਏ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਮੋਦੀ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਮਹਾਨ ਕੁਰਬਾਨੀ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਨੇ ਪੀੜ੍ਹੀ–ਦਰ–ਪੀੜ੍ਹੀ ਸਮੂਹ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ ਤੇ ਇਹ ਦੇਸ਼ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਹਿੱਸਾ ਹੈ।