ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨਾਲ ਮੁਲਾਕਾਤ (CM Bhagwant Mann meet union power minister RK Singh) ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਦੇ ਬਿਜਲੀ ਤੇ ਕੋਲੇ ਦੇ ਮਸਲੇ ਨੂੰ ਚੁੱਕਿਆ ਗਿਆ ਹੈ। ਸੀਐਮ ਵੱਲੋਂ ਬਿਜਲੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੂੰ ਜੂਨ ਤੋਂ ਸਤੰਬਰ ਤੱਕ 1500 ਮੈਗਾਵਾਟ ਬਿਜਲੀ ਦੀ ਜ਼ਰੂਰਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅੰਨਾਜ਼ ਦਿੰਦਾ ਹੈ ਇਸ ਲਈ ਬਿਜਲੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਮੰਤਰੀ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਕੇਂਦਰੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸੀਐਮ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇਸ ਬਿਆਨ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕੇਂਦਰੀ ਮੰਤਰੀ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸਾਰੇ ਹੀ ਮਸਲਿਆਂ ਨੂੰ ਲੈਕੇ ਚਰਚਾ ਹੋਈ ਹੈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬਿਜਲੀ ਦੇ ਨਾਲ ਨਾਲ ਕੋਲੇ ਦੀ ਮੰਗ ਨੂੰ ਵੀ ਪੂਰਾ ਕਰਨ ਲਈ ਕੇਂਦਰੀ ਮੰਤਰੀ ਨੂੰ ਕਿਹਾ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਬਿਜਲੀ ਮੰਤਰੀ ਤੋਂ ਸਰਕਾਰੀ ਥਰਮਲ ਪਲਾਂਟਾਂ ਲਈ 20-20 ਲੱਖ ਟਨ ਕੋਲਾ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ 30-30 ਲੱਖ ਟਨ ਕੋਲਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ।