ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਚ ਸੁਰੱਖਿਆ ਦਾ ਮੁੱਦਾ ਭਖਿਆ ਹੋਇਆ ਹੈ। ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਦੀ ਅਗਵਾਈ ਹੇਠ ਕਾਂਗਰਸੀ ਵਫਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਦੇ ਸਾਹਮਣੇ ਸੁਰੱਖਿਆ ਦਾ ਮੁੱਦਾ ਚੁੱਕਿਆ।
'ਰਾਜਪਾਲ ਨੂੰ ਦਿੱਤੀ ਗਈ ਕਾਨੂੰਨ ਵਿਵਸਥਾ ਦੀ ਜਾਣਕਾਰੀ':ਰਾਜਪਾਲ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮੂਸੇਵਾਲਾ ਦਾ ਹੋਇਆ ਕਤਲ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਨਾਲ ਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਇਹ ਜਾਣਕਾਰੀ ਰਾਜਪਾਲ ਨੂੰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਜਾਨ ਬਚਾਈ ਜਾ ਸਕਦੀ ਸੀ ਜੇਕਰ ਮੁੱਖ ਮੰਤਰੀ ਅਤੇ ਡੀਜੀਪੀ ਗੰਭੀਰਤਾ ਦਿਖਾਉਂਦੇ। ਨਾਲ ਹੀ ਉਨ੍ਹਾਂ ਨੇ ਮੂਸੇਵਾਲਾ ਕਤਲਕਾਂਡ ਸਬੰਧੀ ਐਨਆਈਏ ਜਾਂਚ ਦੀ ਮੰਗ ਕੀਤੀ ਹੈ।
ਜਨਤਕ ਨਹੀਂ ਕਰਨਾ ਚਾਹੀਦੀ ਸੀ ਸੁਰੱਖਿਆ ਸਬੰਧੀ ਜਾਣਕਾਰੀ: ਰਾਜਾ ਵੜਿੰਗ ਨੇ ਕਿਹਾ ਕਿ ਸ਼ਾਹਰੁਖ ਨਾਂ ਦੇ ਵਿਅਕਤੀ ਨੇ ਕਬੂਲ ਕੀਤਾ ਸੀ ਕਿ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਹਥਿਆਰਬੰਦ ਲੋਕਾਂ ਦੇ ਕਾਰਨ ਅੰਜਾਮ ਨਹੀਂ ਦੇ ਸਕਿਆ। ਇਨ੍ਹਾਂ ਚੀਜ਼ਾਂ ਨੂੰ ਦੇਖ ਕੇ ਵੀ ਸੁਰੱਖਿਆ ਵਾਪਸ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਘਟਾਉਣ ਦੇ ਲਈ ਜੋ ਵੀ ਮਾਪਦੰਡ ਹੋਣ ਉਸ ਨੂੰ ਜਨਤਕ ਨਹੀਂ ਕਰਨਾ ਚਾਹੀਦਾ।
ਦਸਤਾਵੇਜ ਲੀਕ ਕਰਨ ਖਿਲਾਫ ਹੋਵੇ ਕਾਰਵਾਈ:ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜਿਨ੍ਹਾਂ ਨੂੰ ਧਮਕੀਆਂ ਮਿਲ ਦੀਆਂ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਘਟਾਇਆ ਗਿਆ ਜੋ ਕਿ ਗਲਤ ਹੈ। ਨਾਲ ਹੀ ਸੁਰੱਖਿਆ ਨੂੰ ਵਾਪਸ ਲੈਣ ਸਬੰਧੀ ਜਾਣਕਾਰੀ ਨੂੰ ਜਨਤਕ ਕੀਤਾ ਗਿਆ। ਜਿਸ ਕਾਰਨ ਜਿਨ੍ਹਾਂ ਅਧਿਕਾਰੀਆਂ ਨੇ ਸੁਰੱਖਿਆ ਨੂੰ ਰਿਵੀਉ ਕੀਤਾ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਇਨ੍ਹਾਂ ਦੇ ਨਾਲ ਨਾਲ ਇਸ ਸਬੰਧੀ ਜਾਣਕਾਰੀ ਜਨਤਕ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇ। ਹੁਣ ਚਾਹੇ ਇਸ ਚ ਸੀਐੱਮ ਜਾਂ ਗ੍ਰਹਿ ਮੰਤਰੀ ਵੀ ਹੋਣ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।