ਚੰਡੀਗੜ੍ਹ: ਪੰਜਾਬ ਵਿਚ ਕਿਸਾਨਾਂ ਦੀ ਨਰਮੇ ਦੀ ਫਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਕਈ ਏਕੜ ਫਸਲ ਨੁਕਸਾਨੀ ਗਈ ਹੈ। ਜਿਸ ਨੂੰ ਦੇਖਣ ਲਈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੌਰਾ ਵੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਭਾਰੀ ਘਾਟੇ ਝੱਲਣ ਵਾਲੇ ਕਪਾਹ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਨਾਲ ਵਾਅਦੇ ਪੁਗਾਉਣ ਤੋਂ ਇਨਕਾਰ ਹੋਣ ਦੇ ਰਵੱਈਏ ਕਾਰਨ ਇਕੱਲੇ ਬਠਿੰਡਾ ਜ਼ਿਲ੍ਹੇ ਵਿਚ ਪਿਛਲੇ 4 ਦਿਨਾਂ ਵਿਚ 5 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਿਸਾਨ ਵਿੰਗ (Farmers Wing) ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਉਪ ਮੁੱਖ ਮੰਤਰੀ ਸੁਖਜਿੰਦ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਗੁਲਾਬੀ ਸੁੰਡੀ (Pink Warm) ਨਾਲ ਹੋਏ ਫਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਪਾਹ ਪੱਟੀ (Cotton) ਦੇ ਦੌਰੇ ਸਮੇਂ ਡਰਾਮੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਕੀਤੀ ਤੇ ਨਾ ਹੀ ਇਸਨੇ ਫਸਲ ਤਬਾਹ ਹੋਣ ਨਾਲ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਪ੍ਰਦਾਨ ਕੀਤੀ।