ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ (Last assembly elections)ਦੇ ਉਮੀਦਵਾਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪਾਰਟੀ ਦੀ ਆਉਣ ਵਾਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਾਰਟੀ ਇੰਚਾਰਜ ਹਰੀਸ਼ ਚੌਧਰੀ (Party in-charge Harish Chaudhary) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ (In charge of Punjab Congress) ਹਰੀਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਦਲੇ ਦੀ ਨੀਤੀ ਤਹਿਤ ਪੰਜਾਬ ਵਿੱਚ ਕਾਂਗਰਸ ਖ਼ਿਲਾਫ਼ ਕੰਮ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਅਜਿਹੀ ਕਾਰਵਾਈ ਅੱਗੇ ਝੁਕਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਜਾ ਰਹੀ ਜਵਾਬੀ ਕਾਰਵਾਈ ਖ਼ਿਲਾਫ਼ ਮਤਾ ਪਾਸ ਕੀਤਾ ਗਿਆ।
ਸੋਨੀਆ ਗਾਂਧੀ ਨੂੰ ਈਡੀ ਵੱਲੋਂ ਜਾਂਚ ਲਈ ਬੁਲਾਏ ਜਾਣ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀ ਇਸ ਹਰਕਤ ਦੇ ਖ਼ਿਲਾਫ਼ ਖੜ੍ਹੀ ਹੈ ਅਤੇ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਦਲੇ ਦੀ ਨੀਤੀ ਤਹਿਤ ਕੀਤੀ ਗਈ ਹੈ। ਕਾਂਗਰਸ ਪਾਰਟੀ ਇਸ ਦਾ ਡਟ ਕੇ ਸਾਹਮਣਾ ਕਰੇਗੀ।