ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਿੱਚ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਸ਼ਾਮਲ ਹੁੰਦੇ ਜਾ ਰਹੇ ਹਨ। ਹਰ ਰੋਜ਼ ਕੋਈ ਨਾ ਕੋਈ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਇਸੇ ਕੜੀ ਵਿੱਚ ਅੱਜ ਕਾਂਗਰਸ ਦੇ ਸੀਨੀਅਰ ਆਗੂ ਨਮਿਸ਼ਾ ਮਹਿਤਾ ਕਾਂਗਰਸ ਪਾਰਟੀ ਨੂਮ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ, ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵੀ ਮੌਜੂਦ ਸਨ।
ਇਸ ਮੌਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਕਾਂਗਰਸ ਤੋਂ ਲੋਕਾਂ ਦਾ ਆਉਂਣਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪੰਜਾਬ ਲਈ ਹੋਰ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਦਾ ਪਰਿਵਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਦੇ ਨਾਲ-ਨਾਲ ਹੋਰ ਖੇਤਰਾਂ ਦੀਆਂ ਹਸਤੀਆਂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੀਆਂ ਹਨ।
ਗੜ੍ਹਸ਼ੰਕਰ ਨਾਲ ਸਬੰਧਤ ਨਿਮਿਸ਼ਾ ਮਹਿਤਾ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਟਿਕਟ ਨਾ ਮਿਲਣ ’ਤੇ ਪਾਰਟੀ ਛੱਡਣ ਦਾ ਦੋਸ਼ ਲਗਾ ਰਹੇ ਹਨ, ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਮਿਹਨਤੀ ਵਰਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਜ਼ਮੀਨੀ ਪੱਧਰ 'ਤੇ ਜਾਓ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਇਨ੍ਹਾਂ ਦਾ ਆਧਾਰ ਕੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਸੀਟ 'ਤੇ ਉਨ੍ਹਾਂ ਦੀ ਦਾਅਵੇਦਾਰੀ ਸੀ ਪਾਰਟੀ ਨੇ ਪੈਰਾਸ਼ੂਟ ਨਾਲ ਉਮੀਦਵਾਰ ਉਤਾਰਿਆ, ਜਦਕਿ ਇਸ ਦਾ ਕੋਈ ਆਧਾਰ ਨਹੀਂ ਹੈ। ਕਾਂਗਰਸ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕੋਈ ਇੱਜ਼ਤ ਨਹੀਂ ਹੈ, ਜਦੋਂ ਕਿ ਭਾਜਪਾ ਵਿੱਚ ਵਰਕਰਾਂ ਨੂੰ ਪੂਰਾ ਸਤਿਕਾਰ ਮਿਲਦਾ ਹੈ।