ਚੰਡੀਗੜ: ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਤੇ ਵਿਰੋਧੀ ਪਾਰਟੀਆਂ 'ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੇ ਇਲਜ਼ਾਮ ਲਾਏ ਹਨ। ਇਸ ਮਗਰੋਂ ਕਾਂਗਰਸੇ ਮੰਤਰੀਆਂ ਤੇ ਆਗੂਆਂ ਨੇ ਵੱਡੇ ਬਾਦਲ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਿਵਾਰ ਦੇ ਮੁਖੀ ਵੱਲੋਂ ਖੇਤੀ ਆਰਡੀਨੈਸਾਂ ਦੇ ਹੱਕ ਵਿੱਚ ਦਿੱਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ਨੰਗਾ ਕਰ ਦਿੱਤਾ। ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਤੇ ਪ੍ਰਤੀਕਿਰਿਆਂ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕਿਸ ਮਜਬੂਰੀ ਹੇਠ ਉਨਾਂ ਨੇ ਕਿਸਾਨੀ ਦਾ ਗਲਾ ਘੋਟਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਹੈ।
ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਪੰਜ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਅਰੁਨਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਅਤੇ ਛੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰੀਤਮ ਸਿੰਘ ਕੋਟਭਾਈ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ ਤੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ 60 ਸਾਲ ਦੀ ਰਾਜਨੀਤੀ ਵਿੱਚ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੀ ਨੂੰਹ ਦੀ ਕੇਂਦਰੀ ਮੰਤਰੀ ਦੀ ਕੁਰਸੀ ਖਾਤਰ ਕਿਸਾਨਾਂ ਦਾ ਗਲਾ ਘੋਟਣ ਵਾਲੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।