ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ 14 ਦਸੰਬਰ ਨੂੰ ਸੰਭੂ ਬਾਰਡਰ ਉਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ ਵਿੱਚ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ 'ਬੀ' ਟੀਮ ਬਣ ਕੇ ਹੀ ਕੰਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖ਼ਤਮ ਕਰਵਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਉਤੇ ਦਿਨ-ਰਾਤ ਬੈਠੇ ਰਹੇ, ਪ੍ਰੰਤੂ ਉਦੋਂ ਸੱਤਾ ਦੇ ਨਸ਼ੇ ਵਿੱਚ ਇਸ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੀ ਯਾਦ ਨਹੀਂ ਆਈ, ਚਾਹੀਦਾ ਤਾਂ ਇਹ ਸੀ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਕਿਸਾਨਾਂ ਦੇ ਦਿੱਲੀ ਜਾਣ ਸਮੇਂ ਮੂਹਰੇ ਲੱਗਦੇ। ਪ੍ਰੰਤੂ ਹੁਣ ਜਦੋਂ ਕਿਸਾਨ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਬੈਠੇ ਕੇਂਦਰ ਸਰਕਾਰ ਨਾਲ ਸਿੱਧੀ ਆਰ-ਪਾਰ ਦੀ ਲੜਾਈ ਲੜ ਰਹੇ ਹਨ ਤਾਂ ਸੰਭੂ ਬਾਰਡਰ ਉਤੇ ਧਰਨਾ ਦੇਣ ਦਾ ਮਤਲਬ ਸਿਰਫ਼ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ। ਕਿਸਾਨਾਂ ਨੂੰ ਕਾਲੇ ਕਾਨੂੰਨਾਂ ਕਰਕੇ ਇਹ ਦਿਨ ਦੇਖਣੇ ਪੈ ਰਹੇ ਹਨ ਉਨ੍ਹਾਂ ਲਈ ਕਾਂਗਰਸ ਵੀ ਓਨੀ ਹੀ ਜ਼ਿੰਮੇਵਾਰ ਹੈ ਜਿੰਨੇ ਭਾਜਪਾ ਤੇ ਅਕਾਲੀ।