ਚੰਡੀਗੜ੍ਹ: ਸੂਬੇ ਭਰ ਵਿੱਚ ਕੋਵਿਡ ਸਥਿਤੀ 'ਚ ਹੋਏ ਸੰਤੁਸ਼ਟੀਜਨਕ ਸੁਧਾਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਰੋਨਾ ਹਦਾਇਤਾਂ ਵਿੱਚ ਢਿੱਲ ਦਿੰਤੀ ਹੈ। ਹੁਣ ਸਰਕਾਰ ਵਲੋਂ ਸੂਬੇ ਵਿੱਚ ਅੰਦਰੂਨੀ ਇਕੱਠ 'ਤੇ ਵਿਅਕਤੀਆਂ ਦੀ ਗਿਣਤੀ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 'ਚ ਗਿਣਤੀ 300 ਤੋਂ ਵਧਾ ਕੇ 500 ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟਾਂ ਦੇ ਬਾਵਜੂਦ ਕੋਵਿਡ ਪ੍ਰੋਟੋਕੋਲ ਪਾਬੰਦੀਆਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।
ਸੂਬੇ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਜ਼ਰੂਰੀ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਹਾਜ਼ਰ ਹੋਣ ਲਈ ਉਤਸ਼ਾਹਤ ਕਰਨ ਲਈ ਵੀ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਧਾਰਤ ਕੋਵਿਡ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਲਈ ਵੀ ਕਿਹਾ।
ਕੋਵਿਡ ਦੇ ਮਾਮਲਿਆਂ ਵਿੱਚ ਆਈ ਕਮੀ 'ਤੇ ਸੰਤੁਸ਼ਟੀ ਜਾਹਿਰ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੇ ਸਿਹਤ ਵਿਭਾਗ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਦੀ ਪਾਲਨਾ ਇੰਨ-ਬਿੰਨ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਵਿਡ ਸਬੰਧੀ ਟੈਸਟ ਕਰਨ ਦੀ ਸਮੱਰਥਾ ਨੂੰ ਪੰਜਾਹ ਹਜ਼ਾਰ ਪ੍ਰਤੀ ਦਿਨ ਕਰਨ ਦੇ ਵੀ ਹੁਕਮ ਦਿੱਤੇ।
ਇਸ ਮੌਕੇ ਕੋਵਿਡ ਸਬੰਧੀ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦੇਣ ਲਈ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਅਲੋਕ ਸ਼ੇਖਰ ਨੇ ਇਕ ਸੰਖੇਪ ਪੇਸ਼ਕਾਰੀ ਰਾਹੀਂ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੇ ਇੱਕ ਹਫਤੇ ਦੌਰਾਨ ਸੂਬੇ 'ਚ ਕੁੱਲ 232 ਕੋਵਿਡ ਦੇ ਮਾਮਲੇ ਸਾਹਮਣੇ ਆਏ ਸਨ ਜੋ ਕਿ ਪ੍ਰਤੀ ਦਿਨ 33 ਮਾਮਲੇ ਬਣਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ 14 ਸਤੰਬਰ ਤੋਂ 20 ਸਤੰਬਰ ਤੱਕ ਬਲੈਕ ਫੰਗਸ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਅਜੇ ਤੱਕ ਇਸ ਬਿਮਾਰੀ ਦਾ ਹੋਰ ਕੋਈ ਵੀ ਮਾਮਲਾ ਸਾਹਮਣਾ ਨਹੀਂ ਆਇਆ।