ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਹਤ ਕਾਮਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਾਰੇ ਸੂਬੇ ਦੇ ਲੋਕਾਂ ਨੂੰ ਕੋਵਿਡ-19 ਦੀ ਵੈਕਸੀਨ ਮੁਫ਼ਤ ਲਗਾਈ ਜਾਵੇ ਪਰ ਉਨ੍ਹਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਨ ਦੀ ਸ਼ੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।