ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਕਿਸਾਨਾਂ ਨੂੰ ਕਣਕ ਦੀ ਫਸਲ ਸਬੰਧੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦਾ ਧਿਆਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਵੱਲ ਖਿੱਚਿਆ ਹੈ।
ਚੰਡੀਗੜ੍ਹ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੂੰ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਾਰਦਾਨਾ ਵੰਡ ਦੇਵੇ ਅਤੇ ਕਿਸਾਨਾਂ ਨੂੰ ਘਰਾਂ ਤੇ ਜਾਂ ਖੇਤਾਂ ਵਿੱਚ ਕਣਕ ਦੇ ਭੰਡਾਰਣ ਦੀ ਆਗਿਆ ਦੇ ਦਿੱਤੀ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਾਡੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਦੀ ਮਦਦ ਲਈ 50 ਰੁਪਏ ਪ੍ਰਤੀ ਏਕੜ ਬੋਨਸ ਦਾ ਐਲਾਨ ਕਰੇ ਤਾਂ ਜੋ ਕਿਸਾਨਾਂ ਨੂੰ ਵਾਡੀ ਦੌਰਾਨ ਮਹਿੰਗਾਈ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਡੀ ਲਈ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ।
ਸੁਖਬੀਰ ਬਾਦਲ ਨੇ ਆਲੂ ਉਤਪਾਦਕਾਂ ਦੀ ਫਸਲ ਬਾਰੇ ਕਿਹਾ ਕਿ ਫਸਲ ਦਾ ਵੱਡਾ ਹਿੱਸੇ ਦੀ ਖਰੀਦ ਸਰਕਾਰ ਨੂੰ ਕਰਨੀ ਚਾਹੀਦੀ ਹੈ। ਨਰਮੇ ਦੀ ਬਿਜਾਈ ਦੇ ਸ਼ੁਰੂ ਹੋਣ ਦੇ ਮੱਦੇਨਜ਼ਰ ਸੁਖਬੀਰ ਬਾਦਲ ਨੇ ਸਰਕਾਰ ਤੋਂ ਮੰਗ ਕਿ ਨਰਮੇ ਦੇ ਵਧੀਆਂ ਬੀਜ਼ਾਂ ਦਾ ਪ੍ਰਬੰਧ ਕਰੇ।
ਉਹਨਾਂ ਕਿਹਾ ਕਿ ਢੋਅ-ਢੁਆਈ ਵਿਚ ਸਬਜ਼ੀਆਂ ਅਤੇ ਫਲਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਤੇ ਇਨ੍ਹਾਂ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਰਿਪੋਰਟਾਂ ਵੀ ਆ ਰਹੀਆਂ ਹਨ ਕਿ ਸ਼ਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨਾਂ ਨੂੰ ਸਾਰੀਆਂ ਜਰੂਰੀ ਵਸਤਾਂ ਦੀਆਂ ਕੀਮਤਾਂ ਦੀ ਸੂਚੀ ਜਾਰੀ ਕਰਨੀ ਚਾਹੀਦੀ ਹੈ ਤੇ ਹੈਲਪ ਲਾਇਨਾਂ ਸਥਾਪਤ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਸੰਕਟ ਦੇ ਇਸ ਸਮੇਂ ਵਿਚ ਕਿਸੇ ਨੂੰ ਵੀ ਲੁੱਟਿਆ ਨਾ ਜਾਵੇ।