ਚੰਡੀਗੜ੍ਹ: ਪੰਜਾਬ ਪੁਲਿਸ ਲਈ ਆਪਣੀਆਂ ਪਹਿਲਤਾਵਾਂ ਲਾਗੂ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਤਵਾਦ ਵਰਗੇ ਅਪਰਾਧਾਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ ਹੈ ਅਤੇ ਇਸ ਕੰਮ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਰਾਜ ਪੱਧਰੀ ਮੀਟਿੰਗ ਵਿੱਚ ਏਡੀਜੀਪੀ, ਐੱਸਟੀਐਫ਼ ਅਤੇ ਐੱਸਟੀਐਫ਼ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ਼ਨੀਵਾਰ ਨੂੰ ਪੰਜਾਬ ਪੁਲਿਸ ਦੀ ਮੀਟਿੰਗ ਦੌਰਾਨ ਡੀਜੀਪੀ ਨੇ ਖੇਤਰੀ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਉਹ ਐੱਸਟੀਐੱਫ਼ ਨਾਲ ਇੱਕ ਟੀਮ ਵਜੋਂ ਮਿਲ ਕੇ ਕੰਮ ਕਰਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ਮੁਹਿੰਮ ਖ਼ਿਲਾਫ਼ ਕਾਰਵਾਈ ਕਰਨ ਲਈ ਰਣਨੀਤਿਕ ਯੋਜਨਾ ਅਨੁਸਾਰ ਕੰਮ ਕਰਨ ਲਈ ਕਿਹਾ ਹੈ। ਡੀਜੀਪੀ ਨੇ ਅਫ਼ਸਰਾਂ ਨੂੰ ਕਿਹਾ ਕਿ ਉਹ ਐੱਨਡੀਪੀਐੱਸ ਕਾਨੂੰਨ ਤਹਿਤ ਤਸਕਰਾਂ, ਛੋਟੇ ਨਸ਼ਾ ਵਿਕਰੇਤਾਵਾਂ ਅਤੇ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਬਿਹਤਰ ਤਫ਼ਤੀਸ਼ ਸਦਕਾ ਉਨ੍ਹਾਂ ਤੋਂ ਨਸ਼ਿਆਂ ਦੀ ਬਰਾਮਦਗੀ ਕਰਨ।