ਚੰਡੀਗੜ੍ਹ: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਚੁਸਤ ਦਰੁਸਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਹਿਦ ਨੂੰ ਮੁੜ ਦੁਹਰਾਉਂਦਿਆਂ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਦੀ ਉਨ੍ਹਾਂ ਆਪਣੇ ਪੱਧਰ 'ਤੇ ਮੁਢਲੀ ਜਾਂਚ ਕਰਵਾਈ ਅਤੇ ਜਾਂਚ ਵਿੱਚ ਅਧਿਕਾਰੀ 'ਤੇ ਲੱਗੇ ਦੋਸ਼ ਸਹੀ ਪਾਏ ਗਏ। ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।