ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬੇ ਵਿੱਚ ਕਰਫ਼ਿਊ ਲਗਾਇਆ ਗਿਆ ਹੈ। ਇਸ ਦੌਰਾਨ ਲੋੜੀਂਦੀਆਂ ਵਸਤਾਂ ਲਈ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਲਈ ਸੂਬਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਮਲੋਹ ਦੇ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਲੋਕਾਂ ਨੂੰ ਜ਼ਰੂਰੀ ਵਸਤਾਂ ਵੰਡੇ ਜਾਣ ਦੀ ਨਿਗਰਾਨੀ ਕੀਤੀ।
ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਨਾਗਰਿਕ ਨੂੰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।