ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ 'ਚ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਨਤਕ ਕਰਫਿਊ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਸਾਰੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਬੇਨਤੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਮੈਨੂੰ ਪੂਰਾ ਯਕੀਨ ਹੈ ਕਿ ਸਾਰਾ ਪੰਜਾਬ 22 ਮਾਰਚ ਨੂੰ ਜਨਤਾ ਕਰਫਿਊ 'ਚ ਸਰਕਾਰ ਨਾਲ ਆਪਣਾ ਪੂਰਾ ਸਹਿਯੋਗ ਦੇਣਗੇ। ਸਾਰੇ ਪੰਜਾਬੀਆਂ ਨੂੰ ਕੋਵਿਡ 19 ਦੇ ਫੈਲਣ 'ਤੇ ਰੋਕ ਲਗਾਉਣ ਲਈ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਵਫ਼ਾਦਾਰੀ ਨਾਲ ਪਾਲਣ ਕਰਨ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਸਵੱਛਤਾ ਨਾਲ ਘਰੇਲੂ ਕੁਆਰੰਟੀਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।"
ਇਸ ਤੋਂ ਇਲਾਵਾ ਕੈਪਟਨ ਨੇ ਵਪਾਰ ਅਤੇ ਕਾਰੋਬਾਰ ਨੂੰ ਸਹਿਯੋਗ ਕਰਨ ਤੇ ਕਿਸੀ ਵੀ ਚੀਜ਼ 'ਚ ਵਾਧਾ ਜਾਂ ਹੋਰਡਿੰਗ 'ਚ ਸ਼ਾਮਲ ਨਾ ਹੋਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਹਫ਼ਤਿਆਂ ਦੇ ਸੰਜਮ ਅਤੇ ਅਨੁਸ਼ਾਸਨ ਸਾਡੇ ਸਾਰਿਆਂ ਨੂੰ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ, "ਅਸੀਂ ਪੰਜਾਬੀਆਂ ਨੇ ਹਮੇਸ਼ਾਂ ਹੀ ਦੇਸ਼ ਦੀ ਅੱਗੇ ਵੱਧ ਕੇ ਅਗਵਾਈ ਕੀਤੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀ ਸਮਝ ਨੂੰ ਮੁੜ ਦੇਸ਼ ਲਈ ਸਾਬਤ ਕਰੀਏ।
ਇਸ ਤੋਂ ਪਹਿਲਾ ਕੈਪਟਨ ਨੇ ਸਰਕਾਰ ਵੱਲੋਂ ਸੂਬਿਆਂ 'ਚ ਅਨਾਜ ਚੁੱਕਣ ਦੇ ਵੰਡਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕੈਪਟਨ ਨੇ ਸਾਰੇ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ 3000 ਰੁਪਏ ਪ੍ਰਤੀ ਵਿਅਕਤੀ ਦੇਣ ਦਾ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਕਾਰਨ ਜਾਂ ਤਾਂ ਨਿਰਮਾਣ ਮਜ਼ਦੂਰ ਕੰਮ 'ਤੇ ਨਹੀਂ ਜਾ ਰਹੇ ਜਾਂ ਫਿਰ ਉਨ੍ਹਾਂ ਨਾਲ ਸਬੰਧਿਤ ਕੰਮਕਾਜ ਕੁਝ ਦਿਨਾਂ ਲਈ ਬੰਦ ਹੋ ਚੁੱਕਾ ਹੈ।
ਪੰਜਾਬ ਸਰਕਾਰ ਨੇ ਕੋਵਿਡ-19 ਦੇ ਕਾਰਨ ਰੁਜ਼ਗਾਰ ਦੇ ਮੌਕੇ ਘਟਣ ਕਰਕੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਲਈ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਮੁਤਾਬਿਕ ਇਸ ਗਰੀਬ ਪੱਖੀ ਕਦਮ ਨਾਲ ਸੂਬਾ ਭਰ ਵਿਚ 3.2 ਲੱਖ ਉਸਾਰੀ ਕਾਮਿਆਂ ਦੇ ਬੈਂਕ ਖਾਤਿਆਂ ਵਿੱਚ ਇਹ ਰਕਮ ਪਾ ਦਿੱਤੀ ਜਾਵੇਗੀ। ਇਸ ਉਦੇਸ਼ ਲਈ ਸਰਕਾਰ ਨੇ 96 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਰਤ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਸੋਮਵਾਰ ਤੱਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਇਹ ਰਾਸ਼ੀ ਪੈ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੰਕਟ ਦੀ ਇਸ ਘੜੀ ਵਿੱਚ ਸਮਾਜ ਦੇ ਅਜਿਹੇ ਤਬਕਿਆਂ ਦੀ ਸਹਾਇਤਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾ ਚੁੱਕੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਰਤੀ ਕਾਮਿਆਂ ਨੂੰ ਵੀ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਸਾਰੇ ਇਹਤਿਆਤੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਨ੍ਹਾਂ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਸਰਕਾਰ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ।