ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕ ਹਿੱਤ ਦੇ ਮੱਦੇਨਜ਼ਰ ਕਰਫਿਊ ਦੌਰਾਨ ਮਿਲਣ ਵਾਲੀ ਛੂਟ 'ਚ ਸਮਾਂ ਤਬਦੀਲੀ ਦਾ ਐਲਾਨ ਕੀਤਾ ਹੈ। ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈਡ ਅਲਰਟ ਤੇ ਸੀਮਤ ਜੋਨ ਵਾਲੇ ਜ਼ਿਲ੍ਹਿਆਂ 'ਚ ਕਿਸੇ ਤਰ੍ਹਾਂ ਦੀ ਛੂਟ ਨਹੀਂ ਦਿੱਤੀ ਜਾਵੇਗੀ।
ਇਸ ਬਾਰੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਸੀ, ਜਿਸ ਨੂੰ ਕੀ ਹੁਣ ਬਦਲਣ ਦਾ ਫੈਸਲਾ ਲਿਆ ਗਿਆ ਹੈ। ਹੁਣ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਨੂੰ ਮੰਨਦੇ ਹੋਏ ਅਜਿਹਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਮੰਤਰੀ ਮੰਡਲ ਦੀ ਸਹਿਮਤੀ ਨਾਲ ਲਿਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ 'ਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। ਇਹ ਫੈਸਲਾ ਐਤਵਾਰ ਤੋਂ ਲਾਗੂ ਹੋਵੇਗਾ। "ਸਖ਼ਤੀ ਨਾਲ ਰਾਹਤ ਦੇਣ" ਬਾਰੇ ਆਪਣੀ ਨੀਤੀ 'ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਵਾਲੀਆਂ ਨੂੰ ਬਿਨ੍ਹਾਂ ਮਾਸਕ ਤੋਂ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਕਰਫਿਊ ਵਿੱਚ ਢਿੱਲ ਸਖ਼ਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਆਖਿਆ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਲੋੜ ਦੇ ਘਰੋਂ ਬਾਹਰ ਨਾ ਨਿਕਲਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਬਰਦਾਸ਼ਤ ਨਾ ਕਰਦੇ ਹੋਏ ਕਰਫਿਊ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ ਨਾ ਦੇਣ ਦੀ ਗੱਲ ਆਖੀ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਬਾਹਰੀ ਸੂਬਿਆਂ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਤੇ ਇੱਥੇ ਪ੍ਰਵਾਸੀ ਮਜ਼ਦੂਰਾਂ ਸਣੇ ਫਸੇ ਹੋਰਨਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਸਾਰੇ ਢੁੱਕਵੇਂ ਪ੍ਰਬੰਧ ਕਰੇਗੀ। ਸਰਕਾਰ ਇਸ ਮਸਲੇ 'ਤੇ ਹੋਰਨਾਂ ਸੂਬਿਆਂ ਨਾਲ ਤਾਲਮੇਲ ਕਾਇਮ ਕੰਮ ਕਰ ਰਹੀ ਹੈ ਤੇ ਉਹ ਕੇਂਦਰੀ ਸਰਕਾਰ ਨੂੰ ਵਿਸ਼ੇਸ਼ ਰੇਲਗੱਡੀਆਂ ਤੇ ਬੱਸਾਂ ਚਲਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ।