ਚੰਡੀਗੜ: ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਸੀ। ਹੁਣ ਇਸ ਮਾਮਲੇ ਵਿੱਚ ਯੂਨੀਵਰਿਸਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਬਾਰੇ 30 ਜੂਨ ਤੋਂ ਬਾਅਦ ਫੈਸਲਾ ਲਿਆ ਜਾਵੇਗਾ।
ਇਸ ਬਾਰੇ ਮੁੱਖ ਮੰਤਰੀ ਨੇ ਆਪਣੇ ਫੇਸ ਬੁੱਕ ਲਾਈਵ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਯੂਨੀਵਰਸਿਟੀ ਅਤੇ ਕਾਲਜਾਂ ਦੇ ਇਮਤਿਹਾਨਾਂ ਬਾਰੇ ਫੈਸਲਾ 30 ਜੂਨ ਤੋਂ ਬਾਅਦ ਕਰੇਗੀ ਜਦੋਂ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਇਮਤਿਹਾਨਾਂ ਦੇ ਮਾਮਲੇ ਵਿੱਚ ਪੁੱਛੇ ਗਏ ਕਈ ਸਵਾਲਾਂ ਖਾਸ ਕਰਕੇ ਬਹੁਤੇ ਵਿਦਿਆਰਥੀਆਂ ਵੱਲੋਂ ਕੋਵਿਡ ਦੇ ਅਣਕਿਆਸੇ ਸੰਕਟ ਦੇ ਮੱਦੇਨਜ਼ਰ ਇਸ ਸਾਲ ਬਿਨ੍ਹਾਂ ਇਮਤਿਹਾਨ ਤੋਂ ਅਗਲੀ ਕਲਾਸ ਵਿੱਚ ਪ੍ਰਮੋਟ ਕਰਨ ਦੀ ਬੇਨਤੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਲੈਣ ਸੂਬਾ ਸਰਕਾਰ ਦੇ ਹੱਥ ਵਿੱਚ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਸਿੱਧੇ ਜਾਂ ਅਸਿੱਧੇ ਤੌਰ 'ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨਾਲ ਜੁੜੇ ਹਨ। ਜਿਹੜਾ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਅਧਿਕਾਰਤ ਸੰਸਥਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਿਸਟਮ ਦਾ ਸੰਚਾਲਨ ਯੂ.ਜੀ.ਸੀ. ਦੇ ਦਿਸ਼ਾਂ ਨਿਰਦੇਸ਼ਾਂ 'ਤੇ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯੂ.ਜੀ.ਸੀ. ਵੱਲੋਂ ਪ੍ਰੀਖਿਆਵਾਂ ਕਰਵਾਉਣ ਬਾਰੇ ਨਵੀਆਂ ਹਦਾਇਤਾਂ 1 ਜੁਲਾਈ 2020 ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਬਾਰੇ ਕੇਂਦਰ ਸਰਕਾਰ ਵੱਲੋਂ 30 ਜੂਨ ਨੂੰ ਲੌਕਡਾਊਨ 5.0/ਅਨਲੌਕ 1.0 ਦੇ ਖਤਮ ਹੋਣ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ।
ਕੁੱਝ ਸੂਬਿਆਂ ਵਿੱਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਆਪਣੇ ਪੱਧਰ 'ਤੇ ਲੈਣ ਦੇ ਫੈਸਲੇ ਵੱਲ ਧਿਆਨ ਦਿਵਾਉਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਹੈ ਕਿਉਂਕਿ ਪੂਰੇ ਦੇਸ਼ ਵਿੱਚ ਇਹ ਫੈਸਲਾ ਕੇਂਦਰ ਸਰਕਾਰ ਹੀ ਇਕੱਲੀ ਲੈ ਸਕਦੀ ਹੈ।